ਨਿਊਜ਼ ਪੰਜਾਬ
7 ਨਵੰਬਰ,2026
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਐਤਵਾਰ ਨੂੰ ਦੀਵਾਲੀ ਵਾਲੇ ਦਿਨ ਦੁਪਹਿਰ 12 ਤੋਂ 1 ਵਜੇ ਦਰਮਿਆਨ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ’ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਅਤੇ ਫਿਰ ਧਰਨੇ ਵਾਲੀ ਥਾਂ ’ਤੇ ਲਿਜਾਇਆ ਜਾਵੇਗਾ। ਦੂਜੇ ਪਾਸੇ, ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਦੀ ਹੋ ਰਹੀ ਟ੍ਰੋਲਿੰਗ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਉਹ ਮਾਨਸਾ ਆ ਕੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣ। ਇਸ ਦੇ ਨਾਲ ਹੀ ਝੋਟਾ ਦੇ ਪਿਤਾ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਅੰਤਿਮ ਸੰਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਐੱਸਐੱਸਪੀ ਦਾ ਤਬਾਦਲਾ ਨਹੀਂ ਹੁੰਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
