ਮਿਸਰ ‘ਚ ਭਿਆਨਕ ਰੇਲ ਹਾਦਸਾ, 7 ਲੋਕਾਂ ਦੀ ਮੌਤ ਤੇ 100 ਤੋਂ ਵੱਧ ਜ਼ਖਮੀ; ਰਾਸ਼ਟਰਪਤੀ ਨੇ ਦਿੱਤੇ ਜਾਂਚ ਦੇ ਹੁਕਮ

ਨਿਊਜ਼ ਪੰਜਾਬ

9 ਨਵੰਬਰ,2026

ਮਿਸਰ ਦੀ ਰਾਜਧਾਨੀ ਕਾਹਿਰਾ ਨੇੜੇ 8 ਨਵੰਬਰ ਨੂੰ ਦੋ ਯਾਤਰੀ ਰੇਲਗੱਡੀਆਂ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 100 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਇਹ ਹਾਦਸਾ ਗੀਜ਼ਾ ਦੇ ਅਲ-ਆਯਾਤ ਖੇਤਰ ਵਿੱਚ ਵਾਪਰਿਆ, ਜਿੱਥੇ ਟੱਕਰ ਤੋਂ ਬਾਅਦ ਕਈ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕ੍ਰੇਨਾਂ ਦੀ ਮਦਦ ਨਾਲ ਮਲਬਾ ਹਟਾ ਕੇ ਰਾਹਤ ਕਾਰਜ ਸ਼ੁਰੂ ਕੀਤੇ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨੇ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਦਸੇ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਮਿਸਰ ਵਿੱਚ ਪਹਿਲਾਂ ਵੀ ਕਈ ਭਿਆਨਕ ਰੇਲ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਦੇਸ਼ ਦੇ ਪੁਰਾਣੇ ਰੇਲਵੇ ਨੈੱਟਵਰਕ ਦੀ ਸੁਰੱਖਿਆ ਅਤੇ ਆਧੁਨਿਕੀਕਰਨ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਹੋ ਰਹੇ ਹਨ।