ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ 3 ਸਾਲਾਂ ਲਈ ਸੰਭਾਲਣਗੇ ਜ਼ਿੰਮੇਵਾਰੀ

ਨਿਊਜ਼ ਪੰਜਾਬ

10 ਨਵੰਬਰ,2026

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਕੇਂਦਰੀ ਯੂਨੀਵਰਸਿਟੀ ਆਫ਼ ਹਰਿਆਣਾ ਦੇ ਮੌਜੂਦਾ ਵਾਈਸ ਚਾਂਸਲਰ ਪ੍ਰੋ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਪ ਰਾਸ਼ਟਰਪਤੀ ਅਤੇ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ 9 ਨਵੰਬਰ ਨੂੰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਪ੍ਰੋ. ਟੰਕੇਸ਼ਵਰ ਕੁਮਾਰ ਦਾ ਪੰਜਾਬ ਯੂਨੀਵਰਸਿਟੀ ਨਾਲ ਪਹਿਲਾਂ ਤੋਂ ਹੀ ਗੂੜ੍ਹਾ ਸਬੰਧ ਰਿਹਾ ਹੈ। ਉਹ ਇੱਥੋਂ ਦੇ ਭੌਤਿਕ ਵਿਗਿਆਨ ਵਿਭਾਗ ਵਿੱਚ ਪ੍ਰੋਫੈਸਰ ਅਤੇ ਕੰਪਿਊਟਰ ਸੈਂਟਰ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਯੂਨੀਵਰਸਿਟੀ ਨੂੰ ਨਵੀਂ ਅਗਵਾਈ ਮਿਲੇਗੀ ਅਤੇ ਹੁਣ ਸਭ ਦੀਆਂ ਨਜ਼ਰਾਂ ਉਨ੍ਹਾਂ ਦੀ ਨਵੀਂ ਪਾਰੀ ‘ਤੇ ਰਹਿਣਗੀਆਂ।