ਨਿਊਜ਼ ਪੰਜਾਬ
10 ਨਵੰਬਰ,2026
ਬਠਿੰਡਾ ਵਿਖੇ ਅੱਜ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਮੁਲਾਜ਼ਮ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 16, 17 ਅਤੇ 18 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
