ਨਿਊਜ਼ ਪੰਜਾਬ
11 ਨਵੰਬਰ,2026
ਬਿਹਾਰ ਦੀ ਸਮਰਾਟ ਚੌਧਰੀ ਸਰਕਾਰ ਨੇ ਛੱਠ ਤਿਉਹਾਰ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਦਾ ਵਾਧਾ ਕਰਨ ਦੇ ਪ੍ਰਸਤਾਵ ਨੂੰ ਮੁੱਖ ਮੰਤਰੀ ਸਮਰਾਟ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਧੇ ਤੋਂ ਬਾਅਦ ਸੱਤਵੇਂ ਤਨਖਾਹ ਕਮਿਸ਼ਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਦਾ ਡੀਏ 60 ਫੀਸਦੀ ਤੋਂ ਵਧ ਕੇ 63 ਫੀਸਦੀ ਹੋ ਗਿਆ ਹੈ। ਇਹ ਵਾਧਾ 1 ਜੁਲਾਈ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾਵੇਗਾ। ਇਸ ਫੈਸਲੇ ਦਾ ਲਾਭ ਛੇਵੇਂ ਅਤੇ ਪੰਜਵੇਂ ਤਨਖਾਹ ਸਕੇਲ ਅਧੀਨ ਆਉਣ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਵੀ ਮਿਲੇਗਾ। ਇਸ ਤੋਂ ਇਲਾਵਾ ਕੈਬਨਿਟ ਨੇ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਅਤੇ ਸਟਾਰਟਅੱਪ ਲਈ ਉਤਸ਼ਾਹਿਤ ਕਰਨ ਵਾਸਤੇ ‘ਬਿਹਾਰ ਕੀ ਬੇਟੀ ਸਟਾਰਟਅੱਪ ਚੈਲੇਂਜ ਯੋਜਨਾ’ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ 2,100 ਵਿਦਿਆਰਥਣਾਂ ਨੂੰ ਲਾਭ ਮਿਲੇਗਾ ਅਤੇ ਇਸ ਲਈ 88.20 ਕਰੋੜ ਰੁਪਏ ਖਰਚ ਕੀਤੇ ਜਾਣਗੇ।
