ਅੰਮ੍ਰਿਤਸਰ ਵਿੱਚ 3 ਮਹੀਨਿਆਂ ਲਈ ਸਖ਼ਤ ਪਾਬੰਦੀਆਂ ਲਾਗੂ, 5 ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਰੋਕ

ਨਿਊਜ਼ ਪੰਜਾਬ

14 ਨਵੰਬਰ,2026

ਅੰਮ੍ਰਿਤਸਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਆਫ ਪੁਲਿਸ ਰਵਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ 10 ਵੱਖ-ਵੱਖ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 14 ਨਵੰਬਰ 2026 ਤੋਂ 11 ਫਰਵਰੀ 2027 ਤੱਕ ਲਾਗੂ ਰਹਿਣਗੀਆਂ। ਇਨ੍ਹਾਂ ਤਹਿਤ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡਸਪੀਕਰ ਅਤੇ ਡੀਜੇ ਵਜਾਉਣ, ਹਥਿਆਰਾਂ ਦੇ ਪ੍ਰਦਰਸ਼ਨ ਅਤੇ ਨਫ਼ਰਤ ਭਰੇ ਭਾਸ਼ਣਾਂ ’ਤੇ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਮਕਾਨ ਮਾਲਕਾਂ ਲਈ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ। ਪੀਜੀ, ਹੋਟਲਾਂ, ਸਰਾਵਾਂ ਅਤੇ ਗੈਸਟ ਹਾਊਸਾਂ ਦੇ ਸੰਚਾਲਕਾਂ ਨੂੰ ਵੀ ਉੱਥੇ ਰਹਿਣ ਵਾਲੇ ਲੋਕਾਂ ਦਾ ਪੂਰਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੋਟਰਸਾਈਕਲਾਂ ਦੇ ਸਾਈਲੈਂਸਰਾਂ ਵਿੱਚ ਬਦਲਾਅ ਕਰਕੇ ਪਟਾਕਿਆਂ ਵਰਗੀ ਆਵਾਜ਼ ਕੱਢਣ, ਕੇਂਦਰੀ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ ਅਤੇ ਅਸਲਾ ਭੰਡਾਰ ਦੇ ਨੇੜੇ ਜਲਣਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਵੀ ਪਾਬੰਦੀ ਲਗਾਈ ਗਈ ਹੈ। ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।