ਨਿਊਜ਼ ਪੰਜਾਬ
17 ਨਵੰਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਟੀ ਹਲਕੇ ਦੇ ਪਿੰਡ ਸਬਰਾ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਲਾਕੇ ਦੇ ਵਿਕਾਸ ਲਈ ਦੋ ਵੱਡੇ ਐਲਾਨ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਨੇ ਸ਼ਿਆਮ ਸਿੰਘ ਅਟਾਰੀ ਦੇ ਨਾਮ ’ਤੇ ਕੁੜੀਆਂ ਲਈ ਇੱਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਅਤੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਕਰਵਾਉਣ ਲਈ UPSC ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਇਲਾਕੇ ਦੀਆਂ ਧੀਆਂ ਨੂੰ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਵਧੀਆ ਮੌਕੇ ਮਿਲਣਗੇ, ਜਦਕਿ ਨੌਜਵਾਨ PCS ਅਤੇ IPS ਵਰਗੇ ਉੱਚ ਅਹੁਦਿਆਂ ਤੱਕ ਪਹੁੰਚਣ ਲਈ ਬਿਹਤਰ ਤਿਆਰੀ ਕਰ ਸਕਣਗੇ। ਇਸ ਮੌਕੇ ਉਨ੍ਹਾਂ ‘ਆਪ’ ਉਮੀਦਵਾਰ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੇ ਲੋਕਾਂ ਦੀ ਮੰਗ ਅਤੇ ਰਾਏ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਨੂੰ ਟਿਕਟ ਦਿੱਤੀ ਹੈ। CM ਮਾਨ ਨੇ ਭਰੋਸਾ ਦਿੱਤਾ ਕਿ ਜੱਸਾ ਪੱਟੀ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਪੱਟੀ ਦੇ ਵਿਕਾਸ ਲਈ ਲਗਾਤਾਰ ਕੰਮ ਕਰਨਗੇ।
