ਪੰਜਾਬ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੀ ਸ਼ੁਰੂਆਤ, ਲੋੜਵੰਦ ਪਰਿਵਾਰਾਂ ਨੂੰ ਮਿਲੇਗਾ ਲਾਭ, ਗਲਤੀਆਂ ਸੁਧਾਰਨ ਲਈ ਵੀ ਮਿਲੇਗਾ ਮੌਕਾ

ਨਿਊਜ਼ ਪੰਜਾਬ

17 ਨਵੰਬਰ,2026

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ 19.25 ਲੱਖ ਆਨਲਾਈਨ ਅਰਜ਼ੀਆਂ ਦੀ ਡਿਜੀਟਲ ਅਤੇ ਪਾਰਦਰਸ਼ੀ ਜਾਂਚ ਤੋਂ ਬਾਅਦ ਇਨ੍ਹਾਂ ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਜ਼ਦੂਰਾਂ, ਵਿਧਵਾ ਔਰਤਾਂ, ਕੱਚੇ ਘਰਾਂ ਵਿੱਚ ਰਹਿਣ ਵਾਲੇ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਹੈ। ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਭੋਜਨ ਕਿੱਟਾਂ ਦਾ ਲਾਭ ਵੀ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਾਰਡ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਇਸ ਤੋਂ ਇਲਾਵਾ ਜਿਨ੍ਹਾਂ ਬਿਨੈਕਾਰਾਂ ਦੀਆਂ ਅਰਜ਼ੀਆਂ ਵਿੱਚ ਬਿਜਲੀ ਮੀਟਰ ਜਾਂ ਘਰ ਦੇ ਪਤੇ ਸਬੰਧੀ ਗਲਤੀਆਂ ਹਨ, ਉਨ੍ਹਾਂ ਨੂੰ ਵੀ ਸੁਧਾਰ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸਰਕਾਰ ਅਗਲੇ 10 ਤੋਂ 15 ਦਿਨਾਂ ਤੱਕ ਹੋਰ ਯੋਗ ਪਰਿਵਾਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦਾ ਸਿਆਸੀ ਪੱਖਪਾਤ ਜਾਂ ਸਿਫ਼ਾਰਸ਼ ਨਹੀਂ ਚੱਲੇਗੀ ਅਤੇ ਹਰ ਯੋਗ ਲੋੜਵੰਦ ਪਰਿਵਾਰ ਨੂੰ ਇਸ ਦਾ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।