ਸ਼ੈਰੀ ਮਾਨ ਦੇ ਲਾਈਵ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਸ਼ਰਾਬ ਵਾਲੇ ਗੀਤਾਂ ‘ਤੇ ਬਾਲ ਅਧਿਕਾਰ ਕਮਿਸ਼ਨ ਨੇ ਜਤਾਇਆ ਇਤਰਾਜ਼, DC ਨੂੰ ਕਾਰਵਾਈ ਦੇ ਨਿਰਦੇਸ਼

ਨਿਊਜ਼ ਪੰਜਾਬ

18 ਨਵੰਬਰ,2026

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ ਸਟਰੀਟ ਵਿਖੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸ਼ੋਅ ਦੌਰਾਨ ਸ਼ਰਾਬ ਦਾ ਗੁਣਗਾਨ ਕਰਨ ਵਾਲੇ ਗੀਤ ਗਾਉਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ ਕਮਿਸ਼ਨ ਨੂੰ ਡਾ. ਪੰਡਿਤਰਾਓ ਧਰੇਨਵਰ ਵੱਲੋਂ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿੱਚ ਖ਼ਾਸ ਤੌਰ ‘ਤੇ ਸ਼ੈਰੀ ਮਾਨ ਦੇ ਗੀਤ ‘ਲਾਕੇ ਤਿੰਨ ਪੈੱਗ ਬੱਲੀਏ, ਹੋਸਟਲ ਵਾਲਾ ਕਮਰਾ ਦੇਵੇ ਜੀ’ ਦਾ ਜ਼ਿਕਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਅਜਿਹੇ ਗੀਤਾਂ ਰਾਹੀਂ ਸ਼ਰਾਬ ਪੀਣ ਦੇ ਰੁਝਾਨ ਨੂੰ ਉਤਸ਼ਾਹ ਮਿਲ ਸਕਦਾ ਹੈ, ਜਿਸ ਦਾ ਬੱਚਿਆਂ ਅਤੇ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਕਮਿਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਸ਼ਰਾਬ ਪੀਣ ਦੇ ਸੱਭਿਆਚਾਰ ਨੂੰ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਕਦਮ ਚੁੱਕੇ ਜਾਂਦੇ ਹਨ ਅਤੇ 28 ਨਵੰਬਰ ਨੂੰ ਹੋਣ ਵਾਲੇ ਇਸ ਲਾਈਵ ਸ਼ੋਅ ਵਿੱਚ ਸ਼ੈਰੀ ਮਾਨ ਦੇ ਗੀਤਾਂ ਨੂੰ ਲੈ ਕੇ ਕੀ ਫੈਸਲਾ ਲਿਆ ਜਾਂਦਾ ਹੈ।