ਨਿਊਜ਼ ਪੰਜਾਬ
18 ਨਵੰਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਵੀ ਠੰਡੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
ਮੌਸਮ ਵਿਭਾਗ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸ਼ਿਮਲਾ ਦੇ ਤਾਪਮਾਨ ਦੇ ਬਰਾਬਰ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਪੰਜਾਬ ਦਾ ਤਾਪਮਾਨ 8 ਡਿਗਰੀ ਤੋਂ ਹੇਠਾਂ ਪਹੁੰਚਿਆ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ 8.4 ਡਿਗਰੀ ਅਤੇ ਲੁਧਿਆਣਾ ਵਿੱਚ 8.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਰਿਹਾ, ਜੋ ਆਮ ਨਾਲੋਂ 3.5 ਡਿਗਰੀ ਘੱਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਠੰਡ ਦਾ ਅਸਰ ਹੋਰ ਵਧ ਸਕਦਾ ਹੈ। ਹਾਲਾਂਕਿ ਦਿਨ ਵੇਲੇ ਮੌਸਮ ਖੁਸ਼ਕ ਰਹਿਣ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਧੁੰਦ ਨੂੰ ਲੈ ਕੇ ਕੋਈ ਵੱਡਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਕੁਝ ਜ਼ਿਲ੍ਹਿਆਂ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
