2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, 42 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ, ਪ੍ਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

19 ਨਵੰਬਰ,2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਹਾਈਕਮਾਨ ਨੇ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ 42 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। AICC ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਵੱਲੋਂ ਦੇਰ ਰਾਤ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਰਾਜਿੰਦਰ ਕੌਰ ਭੱਠਲ, ਅੰਬਿਕਾ ਸੋਨੀ ਸਮੇਤ ਕਈ ਸੀਨੀਅਰ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀਆਂ ਅਰਜ਼ੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਹਰੇਕ ਹਲਕੇ ਤੋਂ 2 ਤੋਂ 3 ਮਜ਼ਬੂਤ ਦਾਅਵੇਦਾਰਾਂ ਦਾ ਪੈਨਲ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੇ ਅੰਦਰੂਨੀ ਸਰਵੇਖਣਾਂ ਅਤੇ ਜ਼ਿਲ੍ਹਾ ਤੇ ਬਲਾਕ ਪੱਧਰ ਤੋਂ ਮਿਲਣ ਵਾਲੇ ਫੀਡਬੈਕ ਦੇ ਆਧਾਰ ’ਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਆਖਰਕਾਰ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਦਿੱਲੀ ਸਥਿਤ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਕੋਲ ਮਨਜ਼ੂਰੀ ਲਈ ਭੇਜੀ ਜਾਵੇਗੀ। ਇਸ ਫੈਸਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀਆਂ ਤਿਆਰੀਆਂ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।