ਹਿਮਾਚਲ’ ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਮੇਤ 6 ਨੌਜਵਾਨਾਂ ਦੀ ਮੌਤ, ਜਨਮਦਿਨ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ

ਨਿਊਜ਼ ਪੰਜਾਬ

19 ਨਵੰਬਰ,2026

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਦੇਰ ਰਾਤ ਬੇਕਾਬੂ ਹੋਈ ਇੱਕ ਕਾਰ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰ 6 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿੱਚ 4 ਨਾਬਾਲਗ ਵੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਸਾਰੇ ਨੌਜਵਾਨ ਇੱਕ ਰਿਸ਼ਤੇਦਾਰ ਦੇ ਘਰ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਆਪਣੇ ਘਰ ਵਾਪਸ ਪਰਤ ਰਹੇ ਸਨ। ਰਸਤੇ ਵਿੱਚ ਲੜਭਡੋਲ ਦੇ ਪੈਟਰੋਲ ਪੰਪ ਨੇੜੇ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਰਾਤ ਦਾ ਸਮਾਂ ਹੋਣ ਕਾਰਨ ਕਿਸੇ ਨੂੰ ਵੀ ਹਾਦਸੇ ਬਾਰੇ ਪਤਾ ਨਹੀਂ ਲੱਗ ਸਕਿਆ। ਜਦੋਂ ਨੌਜਵਾਨ ਸਵੇਰ ਤੱਕ ਘਰ ਨਹੀਂ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਬਾਅਦ ਵਿੱਚ ਇੱਕ ਬਾਈਕ ਸਵਾਰ ਦੀ ਨਜ਼ਰ ਖੱਡ ਵਿੱਚ ਡਿੱਗੀ ਕਾਰ ‘ਤੇ ਪਈ, ਜਿਸ ਤੋਂ ਬਾਅਦ ਹਾਦਸੇ ਦੀ ਸੂਚਨਾ ਪੁਲਿਸ ਅਤੇ ਸਥਾਨਕ ਲੋਕਾਂ ਨੂੰ ਦਿੱਤੀ ਗਈ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਖੱਡ ਵਿੱਚ ਉਤਰ ਕੇ ਨੌਜਵਾਨਾਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਸਾਰੇ ਦਮ ਤੋੜ ਚੁੱਕੇ ਸਨ। ਮ੍ਰਿਤਕਾਂ ਦੀ ਪਛਾਣ ਆਯੁਸ਼ ਰਾਣਾ, ਅਨੁਜ ਕੁਮਾਰ, ਯਸ਼ ਰਾਏ, ਪੰਕਜ ਕੁਮਾਰ, ਅਰਣਵ ਠਾਕੁਰ ਅਤੇ ਆਦਿਤਿਆ ਕੁਮਾਰ ਵਜੋਂ ਹੋਈ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।