SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ! ਦੁਪਹਿਰ 12 ਵਜੇ ਹੋਵੇਗਾ ਜਨਰਲ ਇਜਲਾਸ

ਨਿਊਜ਼ ਪੰਜਾਬ

20 ਨਵੰਬਰ,2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਅੱਜ ਨਵਾਂ ਪ੍ਰਧਾਨ ਮਿਲ ਸਕਦਾ ਹੈ। ਨਵੇਂ ਪ੍ਰਧਾਨ ਦੀ ਚੋਣ ਲਈ ਅੱਜ ਦੁਪਹਿਰ 12 ਵਜੇ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿੱਚ ਕਮੇਟੀ ਦੇ ਮੈਂਬਰ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕਰਨਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਨਾਂ ’ਤੇ ਮੈਂਬਰਾਂ ਦੀ ਸਹਿਮਤੀ ਬਣਨ ਦੀ ਸੰਭਾਵਨਾ ਹੈ। ਉੱਥੇ ਹੀ ਚਰਚਾਵਾਂ ਤੇ ਕਿਆਸਅਰਾਈਆਂ ਦਾ ਬਾਜ਼ਾਰ ਵੀ ਗਰਮ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਵਾਰ ਫਿਰ SGPC ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਧਾਮੀ ਇਸ ਤੋਂ ਪਹਿਲਾਂ ਵੀ ਕਈ ਵਾਰ ਪ੍ਰਧਾਨ ਚੁਣੇ ਜਾ ਚੁੱਕੇ ਹਨ। ਅੱਜ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਜਾਵੇਗੀ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ SGPC ਦੀ ਕਮਾਨ ਇੱਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਦੇ ਹੱਥ ਆਉਂਦੀ ਹੈ ਜਾਂ ਕਿਸੇ ਨਵੇਂ ਚਿਹਰੇ ਨੂੰ ਇਹ ਜ਼ਿੰਮੇਵਾਰੀ ਮਿਲਦੀ ਹੈ।