ਨਿਊਜ਼ ਪੰਜਾਬ
20 ਨਵੰਬਰ,2026
ਰਾਜਸਥਾਨ ਦੇ ਪ੍ਰਸਿੱਧ ਖਾਟੂਸ਼ਿਆਮਜੀ ਮੰਦਿਰ ਨੇੜੇ ਅੱਜ ਸਵੇਰੇ ਉਸ ਸਮੇਂ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ, ਜਦੋਂ ਬਾਬਾ ਸ਼ਿਆਮ ਦੇ ਜਨਮ ਦਿਵਸ ਸਮਾਰੋਹ ਦੌਰਾਨ ਮੰਦਿਰ ਦੇ ਨਵੇਂ ਨਿਕਾਸ ਮਾਰਗ ‘ਤੇ ਸਥਿਤ ਇੱਕ ਰੈਸਟੋਰੈਂਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਪੂਰੇ ਰੈਸਟੋਰੈਂਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਦੁਕਾਨ ਵਿੱਚ ਰੱਖੇ ਦੋ ਦਰਜਨ ਤੋਂ ਵੱਧ ਗੈਸ ਸਿਲੰਡਰਾਂ ਵਿੱਚੋਂ ਚਾਰ ਸਿਲੰਡਰ ਜ਼ੋਰਦਾਰ ਧਮਾਕਿਆਂ ਨਾਲ ਫਟ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ, ਵਪਾਰੀਆਂ, ਮੰਦਰ ਕਮੇਟੀ ਅਤੇ ਪ੍ਰਸ਼ਾਸਨ ਦੀਆਂ ਫਾਇਰ ਬ੍ਰਿਗੇਡ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਬਾਕੀ ਗੈਸ ਸਿਲੰਡਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਖਾਟੂਸ਼ਿਆਮਜੀ ਮੰਦਿਰ ਵਿੱਚ ਸਾਲਾਨਾ ਜਨਮ ਉਤਸਵ ਮੇਲਾ ਚੱਲ ਰਿਹਾ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
