ਨਿਊਜ਼ ਪੰਜਾਬ
20 ਨਵੰਬਰ,2026
ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ 23 ਜਨਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ, ਜਦਕਿ 26 ਜਨਵਰੀ ਨੂੰ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਚੋਣ ਪ੍ਰੋਗਰਾਮ ਜਾਰੀ ਹੁੰਦਿਆਂ ਹੀ ਪੂਰੇ ਸ਼ਹਿਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ, ਜਿਨ੍ਹਾਂ ਵਿੱਚੋਂ ਨਵੇਂ ਕੌਂਸਲਰ ਚੁਣੇ ਜਾਣਗੇ। ਜ਼ਿਕਰਯੋਗ ਹੈ ਕਿ ਕੌਂਸਲਰਾਂ ਦੀ ਚੋਣ ਪੰਜ ਸਾਲਾਂ ਲਈ ਹੁੰਦੀ ਹੈ, ਜਦਕਿ ਮੇਅਰ ਦੀ ਚੋਣ ਹਰ ਸਾਲ ਕੀਤੀ ਜਾਂਦੀ ਹੈ। ਮੇਅਰ ਦੀ ਚੋਣ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਕੀਤੀ ਜਾਂਦੀ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੀ ਸਿਆਸਤ ਹੋਰ ਵੀ ਗਰਮਾਉਣ ਦੀ ਸੰਭਾਵਨਾ ਹੈ।
