ਨਿਊਜ਼ ਪੰਜਾਬ
21 ਨਵੰਬਰ,202633
ਗਲੋਬਲ ਮਾਰਕੀਟ ਵਿੱਚ ਜਾਰੀ ਉਥਲ-ਪੁਥਲ ਅਤੇ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੋਨਾ ਲਗਾਤਾਰ ਨੌਵੇਂ ਕਾਰੋਬਾਰੀ ਸੈਸ਼ਨ ਵਿੱਚ ਡਿੱਗ ਕੇ ਪਿਛਲੇ ਇੱਕ ਸਾਲ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 5,200 ਰੁਪਏ ਘਟ ਕੇ 1,29,300 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਪਿਛਲੇ ਨੌਂ ਸੈਸ਼ਨਾਂ ਦੌਰਾਨ ਸੋਨੇ ਦੀਆਂ ਕੀਮਤਾਂ ਵਿੱਚ ਕਰੀਬ 12 ਫੀਸਦੀ ਦੀ ਗਿਰਾਵਟ ਆ ਚੁੱਕੀ ਹੈ। ਮਾਹਿਰਾਂ ਮੁਤਾਬਕ ਅਮਰੀਕੀ ਡਾਲਰ ਦੀ ਮਜ਼ਬੂਤੀ, ਬਾਂਡ ਉਪਜ ਵਿੱਚ ਵਾਧੇ ਅਤੇ ਵਿਆਜ ਦਰਾਂ ਵਧਣ ਦੇ ਖਦਸ਼ੇ ਕਾਰਨ ਕੀਮਤੀ ਧਾਤਾਂ ਦੀ ਮੰਗ ਪ੍ਰਭਾਵਿਤ ਹੋਈ ਹੈ। ਹਾਲਾਂਕਿ, ਸੋਨੇ ਦੀਆਂ ਕੀਮਤਾਂ ਵਿੱਚ ਆਈ ਇਸ ਵੱਡੀ ਗਿਰਾਵਟ ਨਾਲ ਵਿਆਹਾਂ ਲਈ ਗਹਿਣੇ ਖਰੀਦਣ ਦੀ ਤਿਆਰੀ ਕਰ ਰਹੇ ਪਰਿਵਾਰਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਬਾਜ਼ਾਰ ਵਿੱਚ ਖਰੀਦਦਾਰੀ ਵਧਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
