13 ਦਿਨਾਂ ਬਾਅਦ ਕੀਤਾ ਗਿਆ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸੰਸਕਾਰ, ਤਿੰਨ ਘੰਟਿਆਂ ਦੀ ਪੈਰੋਲ ‘ਤੇ ਪਹੁੰਚੇ ਸੰਸਦ ਮੈਂਬਰ

ਨਿਊਜ਼ ਪੰਜਾਬ

21 ਨਵੰਬਰ,2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 13 ਦਿਨਾਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਵੀ ਵਿਸ਼ੇਸ਼ ਪੈਰੋਲ ‘ਤੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦਾਦੀ ਨੂੰ ਅੰਤਿਮ ਵਿਦਾਈ ਦਿੱਤੀ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਲੈ ਕੇ ਆਈ। ਪਹਿਲਾਂ ਉਨ੍ਹਾਂ ਨੂੰ ਦਿੱਲੀ ਲਿਆਂਦਾ ਗਿਆ ਅਤੇ ਉੱਥੋਂ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਪਹੁੰਚਾਇਆ ਗਿਆ। ਇਸ ਤੋਂ ਬਾਅਦ ਬੁਲੇਟਪਰੂਫ ਗੱਡੀ ਰਾਹੀਂ ਉਨ੍ਹਾਂ ਨੂੰ ਪਿੰਡ ਜੱਲੂਪੁਰ ਖੇੜਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ ਅਤੇ ਟਰਾਲੀ ‘ਤੇ ਸਵਾਰ ਹੋ ਕੇ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਅੰਤਿਮ ਸੰਸਕਾਰ ਵਾਲੀ ਥਾਂ ਪਹੁੰਚਣ ‘ਤੇ ਸਮਰਥਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦੀ ਪ੍ਰਕਿਰਿਆ ‘ਤੇ ਕਰੀਬ 10 ਲੱਖ ਰੁਪਏ ਖਰਚ ਹੋਏ, ਜਿਸ ਦੀ ਅਦਾਇਗੀ ਪਰਿਵਾਰ ਵੱਲੋਂ ਕੀਤੀ ਗਈ। ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਣਾ ਹੈ।