ਨਿਊਜ਼ ਪੰਜਾਬ
23 ਨਵੰਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਵੱਲੋਂ ਬੇਹੱਦ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਵਿਸ਼ਾਲ ਨਗਰ ਕੀਰਤਨ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, ਵਿਸ਼ੇਸ਼ ਪ੍ਰਦਰਸ਼ਨੀ, 3-ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਸਮੇਤ ਕਈ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ, ਜੋ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਬਰਾਬਰੀ, ਮਾਨਵਤਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਇਸ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
