ਨਿਊਜ਼ ਪੰਜਾਬ
28 ਨਵੰਬਰ,2026
ਪੰਜਾਬ ਵਿੱਚ ਅੱਜ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਟਿਆਲਾ ਨਗਰ ਨਿਗਮ ਸਮੇਤ ਮੋਗਾ ਦੀਆਂ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਦੇ ਕੁੱਲ 52 ਵਾਰਡਾਂ ਵਿੱਚ ਅੱਜ ਮੁੜ ਮਤਦਾਨ ਕਰਵਾਇਆ ਜਾ ਰਿਹਾ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ 150 ਪੋਲਿੰਗ ਬੂਥਾਂ ’ਤੇ ਲਗਭਗ 1.76 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ ਪਟਿਆਲਾ ਦੇ 30, ਬਾਘਾਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡ ਸ਼ਾਮਲ ਹਨ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੂਰੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ IAS ਅਧਿਕਾਰੀ ਡਾ. ਸੇਨੂੰ ਦੁੱਗਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਹੋਈਆਂ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਧਾਂਦਲੀ ਦੇ ਦੋਸ਼ ਲੱਗਣ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਸੀ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਇਨ੍ਹਾਂ ਵਾਰਡਾਂ ਵਿੱਚ ਦੁਬਾਰਾ ਵੋਟਿੰਗ ਕਰਵਾਈ ਜਾ ਰਹੀ ਹੈ।
