ਕੜਾ-ਕਿਰਪਾਨ ਉਤਾਰਨ ਲਈ ਕਹਿਣ ’ਤੇ ਸਿੱਖ ਨੌਜਵਾਨ ਨੇ ਛੱਡੀ ਪਟਵਾਰੀ ਦੀ ਪ੍ਰੀਖਿਆ, SGPC ਨੇ ਹਿਮਾਚਲ ਸਰਕਾਰ ਤੋਂ ਮੰਗੀ ਜਾਂਚ

ਨਿਊਜ਼ ਪੰਜਾਬ

28 ਨਵੰਬਰ,2026

ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਪਟਵਾਰੀ ਦੀ ਭਰਤੀ ਪ੍ਰੀਖਿਆ ਦੌਰਾਨ ਸਿੱਖ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰੀਖਿਆ ਦੇਣ ਪਹੁੰਚੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਦੀਪ ਸਿੰਘ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਕੜਾ ਅਤੇ ਕਿਰਪਾਨ ਉਤਾਰਨ ਲਈ ਕਿਹਾ ਗਿਆ। ਇਸ ’ਤੇ ਨੌਜਵਾਨ ਨੇ ਆਪਣੇ ਧਾਰਮਿਕ ਸਿਧਾਂਤਾਂ ’ਤੇ ਕਾਇਮ ਰਹਿੰਦਿਆਂ ਪ੍ਰੀਖਿਆ ਦੇਣ ਤੋਂ ਹੀ ਇਨਕਾਰ ਕਰ ਦਿੱਤਾ, ਪਰ ਕਕਾਰ ਉਤਾਰਨ ਲਈ ਸਹਿਮਤੀ ਨਹੀਂ ਦਿੱਤੀ। ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਸਖ਼ਤ ਨੋਟਿਸ ਲੈਂਦਿਆਂ ਹਿਮਾਚਲ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਅਤੇ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਕਿਸੇ ਵੀ ਸਿੱਖ ਨੂੰ ਇਨ੍ਹਾਂ ਨੂੰ ਉਤਾਰਨ ਲਈ ਮਜਬੂਰ ਕਰਨਾ ਉਸ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।