ਸਾਵਧਾਨੀ ਰੱਖਣ ਦਾ ਦਿੱਤਾ ਹੋਕਾ -ਪਟਿਆਲਾ ਵਿਚ 3400 ਦੇ ਕਰੀਬ ਆਂਗਨਵਾੜੀ ਵਰਕਰਜ ਅਤੇ ਹੈਲਪਰ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਘਰ-ਘਰ ਪੁੱਜੇ

News Punjab

ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਭਾਗ ਨੇ ਜ਼ਿਲ੍ਹੇ ਭਰ ‘ਚ ਕੋਵਿਡ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ
-ਜਾਗਰੂਕਤਾ ਨਾਲ ਹੀ ਕੋਰੋਨਾ ਵਾਇਰਸ ‘ਤੇ ਪਾਇਆ ਜਾ ਸਕਦਾ ਹੈ ਕਾਬੂ : ਕੁਮਾਰ ਅਮਿਤ
-9 ਸੀ.ਡੀ.ਪੀ.ਓਜ਼, 70 ਸੁਪਰਵਾਈਜ਼ਰਾਂ ਤੇ 3400 ਆਂਗਨਵਾੜੀ ਵਰਕਰਾਂ-ਹੈਲਪਰਾਂ ਨੇ ਸਾਵਧਾਨੀ ਰੱਖਣ ਦਾ ਦਿੱਤਾ ਹੋਕਾ
-ਘਰ-ਘਰ ਜਾ ਕੇ ਕੋਵਾ ਐਪ ਡਾਊਨਲੋਡ ਕਰਨ ਤੇ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

 

ਨਿਊਜ਼ ਪੰਜਾਬ

ਪਟਿਆਲਾ, 17 ਜੁਲਾਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ ‘ਚ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਂਮਾਰੀ ਕੋਵਿਡ-19 ਦੇ ਖ਼ਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਦੀ ਵੀ ਅਹਿਮ ਭੂਮਿਕਾ ਹੈ ਜਿਸ ਤਹਿਤ ਜ਼ਿਲ੍ਹੇ ਭਰ ‘ਚ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 9 ਬਲਾਕ ਪੱਧਰੀ ਦਫ਼ਤਰ ਤੇ 1829 ਆਂਗਨਵਾੜੀ ਸੈਂਟਰ ਚਲ ਰਹੇ ਹਨ, ਇਨਾਂ ‘ਚ 9 ਸੀ.ਡੀ.ਪੀ.ਓਜ਼, 70 ਸੁਪਰਵਾਈਜ਼ਰਾਂ ਸਮੇਤ 3400 ਦੇ ਕਰੀਬ ਆਂਗਨਵਾੜੀ ਵਰਕਰਜ ਅਤੇ ਹੈਲਪਰ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਘਰ-ਘਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੂਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਆਂਗਨਵਾੜੀ ਵਰਕਰਾਂ ਨੇ ਅੱਜ ਡੋਰ ਟੂ ਡੋਰ ਸਰਵੇ ਕੀਤਾ ਅਤੇ ਆਮ ਜਨਤਾ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਬੱਚਣ ਦੇ ਉਪਾਵਾਂ ਸਬੰਧੀ ਜਾਣਕਾਰੀ ਦਿੰਦਿਆ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ, ਸਾਬਣ ਨਾਲ ਹੱਥ ਧੋਣ ਅਤੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾਸ. ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਫਰੰਟ ਲਾਈਨ ਵਰਕਰਾਂ ਦੀ ਭੂਮਿਕਾ ਨਿਭਾਉਂਦੇ ਹੋਏ ਪਿੰਡ ਤੇ ਵਾਰਡ ਪੱਧਰ ‘ਤੇ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਕੋਵਾ ਐਪ ਅਤੇ ਮਿਸ਼ਨ ਫ਼ਤਿਹ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਤੀਵਿਧੀ ਹਰ 15 ਦਿਨਾਂ ਬਾਅਦ ਦੁਹਰਾਈ ਜਾਵੇਗੀ।
ਕੈਪਸ਼ਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਦੇ ਮੁਲਾਜ਼ਮ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਦੇ ਹੋਏ।