ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ : ਗੀਤ ਗਾਇਨ ਪ੍ਰਤੀਯੋਗਤਾ ਅੱਜ ਤੋਂ – 20 ਤੋਂ 24 ਜੁਲਾਈ ਤੱਕ ਵਿਦਿਆਰਥੀ ਦੇ ਸਕਦੇ ਹਨ ਪੇਸ਼ਕਾਰੀ
ਸ਼ਬਦ ਗਾਇਨ ਦੇ ਹੋਏ ਮੁਕਾਬਲਿਆਂ ‘ਚ ਸੂਬੇ ਦੇ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ
ਨਿਊਜ਼ ਪੰਜਾਬ
ਪਟਿਆਲਾ, 19 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ ਭਲਕੇ 20 ਜੁਲਾਈ ਤੋਂ ਆਰੰਭ ਹੋਵੇਗੀ।
ਜ਼ਿਕਰਯੋਗ ਹੈ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ। ਜਿੰਨਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20,410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾ ‘ਚ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ।
25 ਜੁਲਾਈ ਨੂੰ ਵੱਖ ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਐਲੀ.) ਮਨਵਿੰਦਰ ਕੌਰ ਭੁੱਲਰ ਤੇ ਜ਼ਿਲ੍ਹਾ ਨੋਡਲ ਅਫਸਰ (ਸੈ.) ਪ੍ਰਿੰ. ਰਜਨੀਸ਼ ਗੁਪਤਾ, ਸਹਾਇਕ ਨੋਡਲ ਅਫ਼ਸਰ ਗੋਪਾਲ ਕ੍ਰਿਸ਼ਨ ਤੇ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ।