ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਨਾਭਾ ਖੇਤਰ ਦੇ  ਸਰਪੰਚਾਂ ਤੇ ਪੰਚਾ ਨਾਲ ਗੂਗਲ ਮੀਟ ਰਾਹੀਂ ਰਿਟੇਨਰ ਐਡਵੋਕੇਟ ਨੇ ਕੀਤੀ ਗੱਲਬਾਤ

ਨਿਊਜ਼ ਪੰਜਾਬ

ਨਾਭਾ/ਪਟਿਆਲਾ, 21 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ‘ਚ ਅਥਾਰਟੀ ਵੱਲੋਂ ਦਿੱਤੀਆਂ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਰਿਟੇਨਰ ਐਡਵੋਕੇਟ ਮਿਸ ਰਿੰਪਲ ਅਰੋੜਾ ਨੇ ਨਾਭਾ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੇ ਨਾਲ ਗੂਗਲ ਮੀਟ ਰਾਹੀਂ ਗੱਲਬਾਤ ਕਰਕੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ।  ਗੂਗਲ ਮੀਟ ਦੌਰਾਨ ਬੀ.ਡੀ.ਪੀ.ਓ. ਨਾਭਾ ਅਜੈਬ ਸਿੰਘ, ਪੀ.ਐਲ.ਵੀ. ਜੀਉਣ ਬੁਟੀ ਅਤੇ ਰਾਜਪਾਲ ਵੀ ਹਾਜ਼ਰ ਰਹੇ।
ਇਸ ਮੌਕੇ ਐਡਵੋਕੇਟ ਮਿਸ ਰਿੰਪਲ ਅਰੋੜਾ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫ਼ਰੀ ਹੈਲਪਲਾਈਨ ਨੰਬਰ 1968 ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਈ ਵੀ ਵਿਅਕਤੀ ਇਸ ਨੰਬਰ ‘ਤੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।  ਉਨ੍ਹਾਂ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।
ਐਡਵੋਕੇਟ ਰਿੰਪਲ ਅਰੋੜਾ ਨੇ ਸਰਪੰਚਾਂ ਤੇ ਪੰਚਾਂ ਨੂੰ ਕੋਵਿਡ-19 ਤੋਂ ਬਚਾਅ ਲਈ ਸਮੇਂ ਸਮੇਂ ‘ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਸਬੰਧੀ ਵੀ ਜਾਣੂ ਕਰਵਾਇਆ ਅਤੇ ਸਮਾਜਿਕ ਦੂਰੀ, ਮਾਸਕ ਪਾਉਣ, ਸਾਬਣ ਨਾਲ ਹੱਥ ਧੋਣ ਸਮੇਤ ਬਿਨਾਂ ਜ਼ਰੂਰੀ ਕੰਮ ਤੋਂ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕਰਦਿਆ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਚੰਗਾ ਉਪਚਾਰ ਹੈ।