ਲੁਧਿਆਣਾ – ਅੱਜ ਕੋਰੋਨਾ ਦੇ 164 ਨਵੇਂ ਮਾਮਲੇ ਜਦੋ ਕੇ ਲੁਧਿਆਣਾ ਤੋਂ ਬਾਹਰਲੇ ਮਰੀਜ਼ਾਂ ਸਮੇਤ ਇੱਹ ਗਿਣਤੀ 178 ਤੇ ਪੁੱਜੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 8 ਦੀ ਮੌਤ – ਪੂਰੇ ਦੇਸ਼ ਅਤੇ ਸੂਬਿਆਂ ਦੀ ਰਿਪੋਰਟ ਵੀ ਵੇਖੋ
ਨਿਊਜ਼ ਪੰਜਾਬ
ਲੁਧਿਆਣਾ, 25 ਜੁਲਾਈ – ਲੁਧਿਆਣਾ ਵਿਚ ਅੱਜ ਕੋਰੋਨਾ ਦੇ 164 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋ ਕੇ ਲੁਧਿਆਣਾ ਤੋਂ ਬਾਹਰਲੇ ਮਰੀਜ਼ਾਂ ਸਮੇਤ ਇੱਹ ਗਿਣਤੀ 178 ਤੇ ਜਾ ਪੁਜ਼ੀ ਹੈ | ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 8 ਮਰੀਜ਼ਾਂ ਦੀ ਮੌਤ ਹੋ ਗਈ ਹੈ , 178 ਮਰੀਜ਼ ਵਿੱਚੋਂ 14 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ – 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 806 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 164 ਨਵੇਂ ਮਾਮਲੇ ਸਾਹਮਣੇ ਆਏ ਹਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 56722 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 55436 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 52626 ਨਤੀਜੇ ਨੈਗੇਟਿਵ ਆਏ ਹਨ, ਜਦਕਿ 1286 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 2439 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 371 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 58 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 37 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 19620 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3441 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 328 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1163 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਪੂਰੇ ਦੇਸ਼ ਅਤੇ ਸੂਬਿਆਂ ਦੀ ਰਿਪੋਰਟ ਵੀ ਵੇਖੋ