ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾਈ- 2020-21 ਦੌਰਾਨ 9.5 ਲੱਖ ਕਿਸਾਨ ਪਰਿਵਾਰਾਂ ਨੂੰ ਇਸ ਸਕੀਮ ਦੇ ਅਧੀਨ ਲਿਆਉਣ ਦਾ ਟੀਚਾ
ਨਿਊਜ਼ ਪੰਜਾਬ
ਚੰਡੀਗੜ੍ਹ, 26 ਜੁਲਾਈ: ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ 24 ਜੁਲਾਈ ਤੱਕ ਜਮਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ ।
ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਬੁਲਾਰੇ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-1551 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
——