ਤਰਨ ਤਾਰਨ – ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 220 ਮਰੀਜ਼ ਹੋਏ ਕਰੋਨਾ ਮੁਕਤ- ਕੋਰੋਨਾ ਮੁਕਤ ਹੋਣ ‘ਤੇ ਅੱਜ 8 ਹੋਰ ਮਰੀਜ਼ ਘਰਾਂ ਨੂੰ ਭੇਜੇ ਗਏੇ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਤਰਨ ਤਾਰਨ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਕਰੋਨਾ ਵਾਇਰਸ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ 8 ਹੋਰ ਮਰੀਜ਼ਾਂ ਨੇ ਕਰੋਨਾ ਵਾਇਰਸ ‘ਤੇ ਫਤਿਹ ਹਾਸਿਲ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ 8 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ, ਜਿੰਨ੍ਹਾਂ ਵਿੱਚੋਂ 4 ਮਰੀਜ਼ ਹੋਰ ਜ਼ਿਲ੍ਹੇ ਨਾਲ ਸਬੰਧਿਤ ਸਨ।
ਉਹਨਾਂ ਕਿਹਾ ਕਿ ਹੁਣ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਆਈਸੋਲੇਸ਼ਨ ਵਾਰਡ ਵਿੱਚ 24 ਮਰੀਜ਼ ਦਾਖਲ ਹਨ, ਜੋ ਕਿ ਸਿਹਤ ਪੱਖੋ ਪੂਰੀ ਤਰ੍ਹਾਂ ਤੰਦਰੁਸਤ ਹਨ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 216 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਹੁਣ ਜ਼ਿਲ੍ਹੇ ਵਿੱਚ ਕਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 220 ਹੋ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਅੱਜ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਸਿਵਲ ਸਰਜਨ ਨੇ ਦੱਸਿਆ ਜਿਹੜੇ ਵਿਅਕਤੀ ਆਈਸੋਲੇਸ਼ਨ ਸੈਂਟਰ ਵਿੱਚ ਇਲਾਜ ਲਈ ਦਾਖਲ ਕੀਤੇ ਗਏ ਸਨ, ਉਹਨਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅੱਜ ਛੁੱਟੀ ਦਿੱਤੀ ਗਈ ਹੈ।ਉਹਨਾਂ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਬਾਕੀ ਮਰੀਜ਼ਾਂ ਦੇ ਵੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
————