ਜਹਿਰੀਲੀ ਸ਼ਰਾਬ – ਪੰਜਾਬ ਸਰਕਾਰ ਵਲੋਂ ਤਰਨ ਤਾਰਨ ਦੇ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ 1 ਕਰੋੜ 42 ਲੱਖ ਰੁਪਏ

   

ਨਿਊਜ਼ ਪੰਜਾਬ

ਤਰਨ ਤਾਰਨ, 6 ਅਗਸਤ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਪੰਜਾਬ ਸਰਕਾਰ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜ੍ਹਤ ਪਰਿਵਾਰਾਂ ਦਾ ਦੁੱਖ ਵੰਡਾਇਆ। ਇਸ ਮੌਕੇ ਉਹਨਾਂ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ 1 ਕਰੋੜ 42 ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਦਿੱਤੇ ਗਏ।
ਇਸ ਮੌਕੇ ਚੇਅਰਮੈਨ ਵੇਅਰਹਾਊਸ ਕਾਰਪੋਰੇਸ਼ਨ ਤੇ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਜੀ. ਫਿਰੋਜ਼ਪੁਰ ਡਵੀਜ਼ਨ ਸ੍ਰੀ ਹਰਦਿਆਲ ਸਿੰਘ ਮਾਨ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਨਿੰਬਾਲੇ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੀ ਤਰਫੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।ਪੀੜ੍ਹਤ ਪਰਿਵਾਰਾਂ ਦਾ ਦੁੱਖ-ਦਰਦ ਸੁਣਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਮੇਤ ਹੋਰ ਜੋ ਵੀ ਸੰਭਵ ਹੋਇਆ ਉਹਨਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਮੰਦਭਾਗੀ ਘਟਨਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਘਟਨਾ ਪਿੱਛੇ ਜਿਹੜੇ ਵੀ ਦੋਸ਼ੀ ਹਨ ਉਹ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਬੜੀ ਤੇਜ਼ੀ ਤੇ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਪੁਲਿਸ ਜਾਂ ਸਿਵਲ ਅਧਿਕਾਰੀਆਂ ਦੀ ਮਿਲੀਭੁਗਤ ਜਾਂ ਅਣਗਿਹਲੀ ਸਾਹਮਣੇ ਆਵੇਗੀ, ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਸਾਹਿਬਾਨਾਂ ਨੇ ਕਿਹਾ ਕਿ ਬੀਤੇ ਦਿਨੀ ਤਰਨਤਾਰਨ ਤੋਂ ਇਲਾਵਾ ਬਟਾਲਾ ਅਤੇ ਅੰਮ੍ਰਿਤਸਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਬਹੁਤ ਅਫਸੋਸਨਾਕ ਘਟਨਾ ਹੈ, ਜਿਸ ਉੱਪਰ ਪੂਰੀ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ।ਉਹਨਾਂ ਕਿਹਾ ਕਿ ਇਸ ਬੇਹੱਦ ਮੰਦਭਾਗੀ ਘਟਨਾ ਮੌਕੇ ਕਿਸੇ ਵੀ ਪਾਰਟੀ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਜਾਂਚ ਦੇ ਨਤੀਜਿਆਂ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਦੋਸ਼ੀਆਂ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਦੁਬਾਰਾ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਾ ਪਵੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਇਸ ਮੰਦਭਾਗੀ ਘਟਨਾ ਲਈ ਜਿੰਮੇਵਾਰੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਵਲੋਂ ਇਸ ਸਬੰਧੀ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚੋਂ ਹਰ ਤਰਾਂ ਦੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਆਪਣੇ ਜ਼ਿਲ੍ਹੇ ਦੇ ਡੀ. ਸੀ. ਜਾਂ ਐੱਸ. ਐੱਸ. ਪੀ. ਨੂੰ ਇਸਦੀ ਜਾਣਕਾਰੀ ਦੇਣ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਜਾਣਕਾਰੀ ਦੇਣ ਵਾਲੇ ਦਾ ਨਾਮ-ਪਤਾ ਬਿਲਕੁਲ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ੍ਹ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਿਅਕਤੀ ਨੂੰ ਸਾਥ ਦੇਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਪੀੜ੍ਹਤ ਪਰਿਵਾਰਾਂ ਦੇ ਵਾਰਸਾਂ ਨੂੰ 1 ਕਰੋੜ 42 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਵਿੱਤੀ ਰਾਸ਼ੀ 72 ਪਰਿਵਾਰਾਂ ਨੂੰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਇਸ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਨਾਬਾਲਗ ਵਾਰਸਾਂ ਦੇ ਨਾਮ ‘ਤੇ ਐੱਫ. ਡੀ. ਕਰਵਾਈ ਜਾਵੇਗੀ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ।
——————