ਰੋਜ਼ਾਨਾ ਛਾਪੇਮਾਰੀ ਰਹੇਗੀ ਜਾਰੀ – ਡਿਪਟੀ ਕਮਿਸ਼ਨਰ — ਜ਼ਿਲ੍ਹਾ ਲੁਧਿਆਣਾ ‘ਚ ਪਿਛਲੇ 40 ਦਿਨਾਂ ਦੌਰਾਨ 8.8 ਲੱਖ ਲੀਟਰ ਲਾਹਣ ਜ਼ਬਤ ਕਰਕੇ ਨਸ਼ਟ ਕੀਤੀ
ਡਿਪਟੀ ਕਮਿਸ਼ਨਰ ਵੱਲੋਂ ਕਰ ਤੇ ਆਬਕਾਰੀ ਵਿਭਾਗ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ, ਇਸ ਗੈਰ-ਕਾਨੂੰਨੀ ਧੰਦੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਰੋਜ਼ਾਨਾ ਛਾਪੇਮਾਰੀ ਰਹੇਗੀ ਜਾਰੀ – ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 09 ਅਗਸਤ – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜ਼ਿਲ੍ਹੇ ਵਿੱਚ ਲਾਹਣ ਦੇ ਉਤਪਾਦਨ ‘ਤੇ ਰੋਕ ਲਗਾਉਣ ਲਈ ਲੁਧਿਆਣਾ ਪੁਲਿਸ ਦੇ ਐਂਟੀ ਸਮਗਲਿੰਗ ਸੈੱਲ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਗੈਰਕਾਨੂੰਨੀ ਧੰਦੇ ਕਰ ਰਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਲੁਧਿਆਣਾ ਦੇ ਆਦੇਸ਼ਾਂ ‘ਤੇ ਕਾਰਵਾਈ ਕਰਦਿਆਂ 1 ਜੁਲਾਈ ਤੋਂ ਹੁਣ ਤੱਕ ਆਬਕਾਰੀ ਵਿਭਾਗ ਵੱਲੋਂ 8.8 ਲੱਖ ਲੀਟਰ ਤੋਂ ਵੱਧ ਲਾਹਣ (ਨਾਜਾਇਜ਼ ਸ਼ਰਾਬ) ਬਰਾਮਦ ਕਰਕੇ ਨਸ਼ਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਛਾਪੇਮਾਰੀਆਂ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਤਿਆਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਡਰੱਮ, ਪਲਾਸਟਿਕ ਦੇ ਕੈਨ ਅਤੇ ਬਰਤਨ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਇੱਕ ਕਿਸ਼ਤੀ ਅਤੇ ਗੋਤਾਖੋਰਾਂ ਦੀਆਂ ਸੇਵਾਂਵਾਂ ਵੀ ਲਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲਾਹਣ (ਨਾਜਾਇਜ਼ ਸ਼ਰਾਬ) ਜ਼ਬਤ ਕੀਤੀ ਜਾ ਸਕੇ।
ਆਬਕਾਰੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਜੁਲਾਈ 2020 ਤੋਂ ਲੈ ਕੇ ਹੁਣ ਤੱਕ 4390 ਛਾਪਿਆਂ ਦੌਰਾਨ ਕੁੱਲ 202 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 209 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, 3697.5 ਲੀਟਰ ਸ਼ਰਾਬ ਅਤੇ 42637.49 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ, 295 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਜਦਕਿ 888608 ਲੀਟਰ ਲਾਹਣ ਨਸ਼ਟ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਚੇਤਾਵਨੀ ਦਿੱਤੀ ਕਿ ਉਹ ਸੁਧਰ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਚੱਲ ਰਹੀਆਂ ਛਾਪੇਮਾਰੀਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਭਰੋਸਾ ਦਿੱਤਾ ਕਿ ਦੋਸ਼ੀ ਵਿਅਕਤੀਆਂ ਨੂੰ ਕਿਸੇ ਵੀ ਹੀਲੇ ਬਖਸ਼ਿਆ ਨਹੀਂ ਜਾਵੇਗਾ