ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

 

ਐਸ.ਆਈ.ਟੀ. ਪਾਸੋਂ ਸਮਾਂਬੱਧ ਜਾਂਚ ਕਰਾਉਣ ਅਤੇ ਦੋਸ਼ੀਆਂ ਲਈ ਸਜ਼ਾ ਦਾ ਵਾਅਦਾ

ਚੰਡੀਗੜ੍ਹ, 25 ਫਰਵਰੀ ( ਨਿਊਜ਼ ਪੰਜਾਬ )

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ ‘ਤੇ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜ਼ਾ ਦਿਵਾਈ ਜਾਵੇਗੀ। ਪੀੜਤ ਪਰਿਵਾਰਾਂ ਲਈ ਇਨਸਾਫ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀ.ਬੀ.ਆਈ. ਪਾਸੋਂ ਜਾਂਚ ਵਾਪਸ ਲੈ ਕੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾਵੇਗੀ। ਪਰਿਵਾਰਾਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਐਸ.ਆਈ.ਟੀ. ਦੀ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਛੇਤੀ ਹੀ ਬਹਿਬਲ ਕਲਾਂ ਵਿਖੇ ਜਾਣ ਦੀ ਸਹਿਮਤੀ ਪ੍ਰਗਟਾਈ।