ਤਰਨ ਤਾਰਨ – ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ

ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਹੋਣ ਵਾਲੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਦਿੱਤੇ ਆਦੇਸ਼

ਨਿਊਜ਼ ਪੰਜਾਬ

ਤਰਨ ਤਾਰਨ, 10 ਅਗਸਤ : ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ “ਮਿਸ਼ਨ ਫਤਿਹ” ਤਹਿਤ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟਰੇਨਿੰਗ) ਸ੍ਰੀ ਅਮਨਪ੍ਰੀਤ ਸਿੰਘ ਅਤੇ ਸਮੂਹ ਐੱਸ. ਐੱਮ. ਓਜ਼ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤੀ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਹੋਣ ਵਾਲੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ “ਮਿਸ਼ਨ ਫਤਿਹ” ਅਧੀਨ ਇਸ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਲਈ ਪ੍ਰੇਰਿਤ ਕਰਦੇ ਹੋਏ, ਮਾਸਕ ਪਹਿਨਣ ਅਤੇ ਇੱਕ ਦੂਜੇ ਤੋਂ 2 ਗਜ਼ ਦੀ ਦੂਰੀ ਬਣਾ ਕੇ ਰੱਖਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਾ ਆਪਸੀ ਤਾਲਮੇਲ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਜਦੋਂ ਵੀ ਕਿਸੇ ਮਰੀਜ਼ ਦੇ ਪਾਜ਼ੇਟਿਵ ਆਉਣ ਦੀ ਸੂਚਨਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇਗੀ ਤਾਂ ਉਸ ਸਬੰਧੀ ਪੁਲਿਸ ਵਿਭਾਗ, ਸਬੰਧਤ ਉਪ ਮੰਡਲ ਮੈਜਿਸਟਰੇਟ ਅਤੇ ਪਿੰਡਾਂ ਵਿੱਚ ਬੀ. ਡੀ. ਪੀ. ਓ ਰਾਹੀਂ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨੁੰ ਹਦਾਇਤ ਕੀਤੀ ਗਈ ਕਿ ਇਸ ਐਮਰਜੈਂਸੀ ਸਮੇਂ ਦੌਰਾਨ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਆਪਣੇ ਵਿਭਾਗ ਦੀਆਂ ਡਿਊਟੀਆਂ ਲਗਾਈਆਂ ਜਾਣ।
ਉਹਨਾਂ ਕਿਹਾ ਕਿ ਇਸ ਵੇਲੇ ਅਸੀਂ ਬਹੁਤ ਹੀ ਸੰਕਟ ਵਾਲੇ ਹਾਲਾਤਾਂ ਵਿੱਚੋਂ ਗੁਜਰ ਰਹੇ ਹਾਂ। ਇਸ ਲਈ ਹਰ ਇੱਕ ਦਾ ਫਰਜ਼ ਬਣਦਾ ਹੈ ਕਿ ਆਪਣੇ ਕੰਮ ਨੂੰ ਪੂਰੀ ਤਨਦੇਹੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇ ਅਤੇ ਜੇਕਰ ਕਿਸੇ ਵੱਲੋਂ ਕੋਈ ਕੁਤਾਹੀ ਕੀਤੀ ਗਈ ਤਾਂ ਉਸਦੇ ਖਿਲਾਫ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।