ਪਿਛਲੇ 24 ਘੰਟਿਆਂ ਦੌਰਾਨ 10 ਮੌਤਾਂ, 255 ਨਵੇਂ ਮਾਮਲੇ ਆਏ ਸਾਹਮਣੇ -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 12 ਅਗਸਤ – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1699 ਪੋਜ਼ਟਿਵ ਮਰੀਜ਼ ਹਨ ਅਤੇ ਹੁਣ ਤੱਕ ਜ਼ਿਲ੍ਹੇ ‘ਚ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 3871 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 255 ਮਰੀਜ਼ (243 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 12 ਹੋਰ ਰਾਜਾਂ/ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 75103 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 74054 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 67628 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1049 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 5767 ਹੈ, ਜਦਕਿ 659 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 10 ਮੌਤਾਂ ਹੋਈਆਂ ਹਨ ਜਿਨ੍ਹਾਂ ‘ਚੋ 7 ਜ਼ਿਲ੍ਹਾ ਲੁਧਿਆਣਾ, 2 ਜਲੰਧਰ ਅਤੇ 1 ਗੁਰਦਾਸਪੁਰ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 194 ਅਤੇ 48 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 26378 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5104 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 359 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1017 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।