ਤਰਨ ਤਾਰਨ ਵਿਖੇ ਕੋਵਿਡ-19 ਦੇ ਮੱਦੇਨਜ਼ਰ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਨੌਜਵਾਨਾਂ ਨੂੰ ਸਮਾਰਟ ਮੋਬਾਇਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ
ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਵੀ ਰਹੇ ਹਾਜ਼ਰ
ਜ਼ਿਲ੍ਹਾ ਤਰਨ ਤਾਰਨ ਦੇ ਬਾਰਵੀਂ ਜਮਾਤ ਦੇ 6417 ਵਿਦਿਆਰਥੀਆਂ ਨੂੂੰ ਮਿਲਣਗੇ ਸਮਾਰਟ ਮੋਬਾਇਲ- ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ

ਤਰਨ ਤਾਰਨ, 12 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਅੱਜ ਰਾਜ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਮੁਹਿੰਮ ਸ਼ੂਰੂਆਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੇ ਮੱਦੇਨਜ਼ਰ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਮਿਲ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਇਹ ਮੋਬਾਇਲ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਾਲੇ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਮਨਜੀਤ ਸਿੰਘ ਘਸੀਟਪੁਰਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸ੍ਰੀ ਹਰਮਨ ਸੇਖੋਂ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਸ ਮੁਹਿੰਮ ਦਾ ਅਗਾਜ਼ ਕੀਤਾ। ਉਨਾਂ ਨੇ ਇਸ ਮੌਕੇ ਰਾਜ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸਾਡੇ ਬੱਚਿਆਂ ਨੂੰ ਸਮੁੱਚੇ ਵਿਸ਼ਵ ਨਾਲ ਜੋੜੇ ਜਾਣ ਦਾ ਜ਼ਰੀਆ ਬਣੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਰਾਜ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹ ਰਹੇ ਲੱਗਭੱਗ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ।ਉਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਵੱਲੋਂ ਲੱਗਭੱਗ 92 ਕਰੋੜ ਰੁਪਏ ਖਰਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਰਾਜ ਦੇ ਨੌਜਵਾਨਾਂ ਵਿਚ ਉਤਸ਼ਾਹ ਵਧਿਆ ਹੈ।ਉਹਨਾਂ ਕਿਹਾ ਕਿ ਭਵਿੱਖ ਵਿੱਚ 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਇਸ ਸਕੀਮ ਤਹਿਤ ਸਮਾਰਟ ਫੋਨ ਦਿੱਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 12ਵੀਂ ਜਮਾਤ ਦੇ 6417 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿਚ ਸਹੂਲਤ ਮਿਲੇਗੀ, ਉਥੇ ਹੀ ਉਨ੍ਹਾਂ ਲਈ ਗਿਆਨ ਦੇ ਦਰਵਾਜੇ ਖੁੱਲਣਗੇ ਅਤੇ ਉਹ ਆਪਣੇ ਕੈਰੀਅਰ ਸਬੰਧੀ ਨਵੀਂ-ਨਵੀਂ ਜਾਣਕਾਰੀ ਹਾਸਿਲ ਕਰ ਸਕਣਗੇ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਕੌਮਾਂਤਰੀ ਨੌਜਵਾਨ ਦਿਹਾੜੇ ‘ਤੇ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਦੱਸ ਦਿੱਤਾ ਹੈ ਕਿ ਉਸ ਲਈ ਨੌਜਵਾਨਾਂ ਦੀ ਬਿਹਤਰੀ ਪ੍ਰਮੁੱਖ ਤਰਜੀਹ ਹੈ।ਉਹਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਲੋੜਵੰਦ ਵਿਦਿਆਰਥੀਆਂ ਦੀ ਆੱਨਲਾਈਨ ਪੜ੍ਹਾਈ ਵਿੱਚ ਲਾਹੇਵੰਦ ਸਾਬਿਤ ਹੋਵੇਗੀ।ਉਹਨਾਂ ਕਿਹਾ ਕਿ ਜਿੰਨਾਂ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ, ਉਨਾਂ ਵਿਚੋਂ ਲੱਗਭੱਗ 1.12 ਲੱਖ ਪੇਂਡੂ ਖੇਤਰਾਂ ਨਾਲ ਸਬੰਧਤ ਹਨ।ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਰਾਜ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਦੌਰਾਨ ਨੌਜਵਾਨ ਵਿਦਿਆਰਥੀਆਂ ਨੇ ਸਮਾਰਟ ਫੋਨ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਰਾਜਬੀਰ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਿੱਕੀ ਭਿੰਡਰ ਵਾਈਸ ਚੇਅਰਮੈਨ ਫਾਰੈਸਟ ਕਾਰਪੋਰੇਸ਼ਨ ਪੰਜਾਬ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।