ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਪੀੜ੍ਹਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਨਿਊਜ਼ ਪੰਜਾਬ

ਤਰਨ ਤਾਰਨ, 12 ਅਗਸਤ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਸ੍ਰ ਿਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਪਹੁੰਚ ਕੇ ਸਬ-ਡਵੀਜ਼ਨ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਇਆ।ਇਸ ਮੌਕੇ ਉਹਨਾਂ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਦਿੱਤੇ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ, ਸ੍ਰੀ ਰਾਜਬੀਰ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਿੱਕੀ ਭਿੰਡਰ ਵਾਈਸ ਚੇਅਰਮੈਨ ਫਾਰੈਸਟ ਕਾਰਪੋਰੇਸ਼ਨ ਪੰਜਾਬ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪੀੜ੍ਹਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਦੀ ਤਰਫੋਂ ਉਨਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੇ ਜਾਣ ‘ਤੇ ਪੰਜਾਬ ਰਾਜ ਸਰਕਾਰ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਿੱਤੀ 2 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਮੇਤ ਹੋਰ ਜੋ ਵੀ ਸੰਭਵ ਹੋਇਆ ਉਹਨਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚੋਂ ਹਰ ਤਰਾਂ ਦੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਿਅਕਤੀ ਨੂੰ ਸਾਥ ਦੇਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ 39 ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਵਧਾਈ ਗਈ ਵਿੱਤੀ ਸਹਾਇਤਾ ਦੇ 1 ਕਰੋੜ 17 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।ਉਹਨਾਂ ਕਿਹਾ ਕਿ ਇਸ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਨਾਬਾਲਗ ਵਾਰਸਾਂ ਦੇ ਨਾਮ ‘ਤੇ ਐੱਫ. ਡੀ. ਕਰਵਾਈ ਜਾਵੇਗੀ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ।
——————