ਕਈ ਕਾਂਗਰਸੀ ਆਗੂਆਂ ਅਤੇ ਸਾਬਕਾ ਮੰਤਰੀਆਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਬਦਲਾਅ ਕਰਨ ਦੀ ਕੀਤੀ ਮੰਗ – ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਕੀਤਾ ਵਿਰੋਧ

ਨਿਊਜ਼ ਪੰਜਾਬ

ਨਵੀ ਦਿੱਲੀ , 23 ਅਗਸਤ – ਕਾਂਗਰਸ ਵਿੱਚ ਕੌਮੀ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਛਿੜੀ ਬਹਿਸ ਪਾਰਟੀ ਨੂੰ ਦੋ ਧੜਿਆਂ ਵਿੱਚ ਵੰਡਦੀ ਨਜ਼ਰ ਆ ਰਹੀ ਹੈ I ਸੋਨੀਆ ਗਾਂਧੀ ਨੇ ਕਾਂਗਰਸ ਵਿਚ ਅੰਤਰਿਮ ਪ੍ਰਧਾਨ ਦੇ ਤੌਰ ਤੇ ਇਕ ਸਾਲ ਪੂਰਾ ਕਰ ਲਿਆ ਹੈ ਅਤੇ ਪਾਰਟੀ ਹੁਣ ਨਵੇਂ ਪ੍ਰਧਾਨ ਦੀ ਚੋਣ ਕਰਨ ਲਈ ਤਿਆਰ ਹੈ। ਇਸ ਦਿਸ਼ਾ ਵਿੱਚ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਵੀ ਸੋਮਵਾਰ ਨੂੰ ਤੈਅ ਕੀਤੀ ਗਈ ਹੈ। ਹਾਲਾਂਕਿ, ਮੀਟਿੰਗ ਤੋਂ ਪਹਿਲਾਂ, ਕਈ ਕਾਂਗਰਸੀ ਆਗੂਆਂ ਅਤੇ ਸਾਬਕਾ ਮੰਤਰੀਆਂ ਸਮੇਤ 23 ਲੋਕਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਕਈ ਬਦਲਾਅ ਕਰਨ ਦੀ ਮੰਗ ਕੀਤੀ ਹੈ ਅਤੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਕਰਵਾਉਣ ਲਈ ਵੀ ਕਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ ਹੈ
ਹੁਣ ਕੁਝ ਨਿਊਜ਼ ਚੈਨਲਾਂ ਦੇ ਹਵਾਲੇ ਅਨੁਸਾਰ ਸੋਨੀਆ ਗਾਂਧੀ ਨੇ ਇਸ ਪੱਤਰ ‘ਤੇ ਵਿਚਾਰ ਕੀਤੀ ਹੈ। ਪਾਰਟੀ ਨੇਤਾਵਾਂ ਦੇ ਇੱਕ ਸਮੂਹ ਵੱਲੋਂ ਲਿਖੇ ਪੱਤਰ ਦਾ ਜਵਾਬ ਦਿੰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੂੰ ਮਿਲ ਕੇ ਨਵਾਂ ਮੁੱਖੀ ਲੱਭਣਾ ਚਾਹੀਦਾ ਹੈ ਕਿਉਂਕਿ ਉਹ ਹੁਣ ਜ਼ਿੰਮੇਵਾਰੀਆਂ ਨੂੰ ਸੰਭਾਲਣਾਂ ਨਹੀਂ ਚਾਹੁੰਦੀ ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ ਹੈ ਅਤੇ ਕਿਹਾ, ਭਾਰਤ ਨੂੰ ਮਜ਼ਬੂਤ ਤੇ ਇਕਜੁੱਟ ਵਿਰੋਧੀ ਧਿਰ ਦੀ ਲੋੜ
ਉਨ੍ਹਾਂ ਕਿਹਾ ਕਿ ”ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ”

ਐਤਵਾਰ ਨੂੰ ਜਾਰੀ ਆਪਣੇ ਬਿਆਨ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਨ.ਡੀ.ਏ. ਦੀ ਸਫਲਤਾ ਪਿੱਛੇ ਮੁੱਖ ਕਾਰਨ ਮਜ਼ਬੂਤ ਅਤੇ ਇਕਜੁੱਟ ਵਿਰੋਧੀ ਧਿਰ ਦੀ ਕਮੀ ਹੈ ਅਤੇ ਕਾਂਗਰਸ ਦੇ ਇਨ੍ਹਾਂ ਆਗੂਆਂ ਵੱਲੋਂ ਇਸ ਨਾਜ਼ੁਕ ਮੋੜ ‘ਤੇ ਪਾਰਟੀ ਵਿੱਚ ਬਦਲਾਅ ਦੀ ਮੰਗ ਪਾਰਟੀ ਅਤੇ ਦੇਸ਼ ਦੇ ਹਿੱਤਾਂ ਲਈ ਨੁਕਸਾਨ ਦਾਇਕ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਇਸ ਵੇਲੇ ਸਿਰਫ ਸਰਹੱਦ ਦੇ ਸਾਰੇ ਪਾਸਿਆਂ ਤੋਂ ਬਾਹਰੀ ਖਤਰਿਆਂ ਦਾ ਹੀ ਸਾਹਮਣਾ ਨਹੀਂ ਕਰ ਰਿਹਾ ਸਗੋਂ ਇਸ ਦੇ ਸੰਘੀ ਢਾਂਚੇ ਨੂੰ ਵੀ ਅੰਦਰੂਨੀ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਫ ਇਕਜੁੱਟ ਕਾਂਗਰਸ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਬਚਾ ਸਕਦੀ ਹੈ।
ਲੀਡਰਸ਼ਿਪ ਬਦਲਣ ਦੀ ਮੰਗ ਨੂੰ ਅਸਵਿਕਾਰ ਯੋਗ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਦੇਸ਼ ਦੀ ਤਰੱਕੀ ਵਿੱਚ ਬਰਤਾਨਵੀ ਰਾਜ ਦੌਰਾਨ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤੱਕ ਅਥਾਹ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ ਥੋੜੇਂ ਜਿਹੇ ਲੋਕਾਂ ਲਈ ਹੀ ਨਹੀਂ ਬਲਕਿ ਸਾਰੀ ਪਾਰਟੀ ਅਤੇ ਇਸ ਦੇ ਹੇਠਾਂ ਤੋਂ ਲੈ ਕੇ ਉਪਰ ਤੱਕ ਸਾਰੇ ਕਾਡਰ ਨੂੰ ਦੇਸ਼ ਦੇ ਵਡੇਰੇ ਹਿੱਤਾਂ ਵਿੱਚ ਸਵਿਕਾਰ ਹੋਵੇ। ਉਨ੍ਹਾਂ ਕਿਹਾ ਕਿ ਇਸ ਭੂਮਿਕਾ ਵਿੱਚ ਗਾਂਧੀ ਹੀ ਖਰੇ ਉਤਰਦੇ ਹਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਨ ਅਤੇ ਉਸ ਤੋਂ ਬਾਅਦ ਰਾਹੁਲ ਗਾਂਧੀ ਕਮਾਨ ਸੰਭਾਲਣ ਅਤੇ ਉਹ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ।