ਲੁਧਿਆਣਾ – ਪਿਛਲੇ 24 ਘੰਟਿਆਂ ਦੌਰਾਨ ਕੁਲ 173 ਮਰੀਜ਼ ਹੋਏ ਕੋਰੋਨਾ ਪਾਜ਼ੇਟਿਵ – 12 ਮੌਤਾਂ – ਡਿਪਟੀ ਕਮਿਸ਼ਨਰ ਨੇ ਕਿਹਾ! ਅਸੀਂ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਾਂ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਲੋੜ-ਸ਼ਹਿਰ ਵਿੱਚ ਵਿਸ਼ੇਸ਼ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ
ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 4207 ਸੈਂਪਲ ਲਏ
– ਮਰੀਜ਼ਾਂ ਠੀਕ ਹੋਣ ਦੀ ਦਰ 73.09% ਹੋਈ
– ਡਿਪਟੀ ਕਮਿਸ਼ਨਰ ਵੱਲੋਂ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ
– ਕਿਹਾ! ਅਸੀਂ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ
ਨਿਊਜ਼ ਪੰਜਾਬ
ਲੁਧਿਆਣਾ, 24 ਅਗਸਤ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 4207 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਡੀ ਐੱਮਜ਼ ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 4207 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 8831 ਮਰੀਜ਼ਾਂ ਵਿਚੋਂ 73.09% (6451 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 4207 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2054 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 6451 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 173 ਮਰੀਜ਼ (152 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 21 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 106997 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 99708 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 89979 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 7289 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8831 ਹੈ, ਜਦਕਿ 898 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 12 ਮੌਤਾਂ ਹੋਈਆਂ ਹਨ (11 ਜ਼ਿਲ੍ਹਾ ਲੁਧਿਆਣਾ ਅਤੇ 1 ਜਿਲ੍ਹਾ ਕਪੂਰਥਲਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 323 ਅਤੇ 70 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 61692 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5722 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 542 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
ਸ਼ਹਿਰ ਲੁਧਿਆਣਾ ਵਿੱਚ ਵਿਸ਼ੇਸ਼ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ
– ਨਗਰ ਨਿਗਮ ਨੇ 18 ਵਾਹਨ ਸ਼ਹਿਰ ਵਿੱਚ ਲਗਾਏ
– ਮੇਅਰ ਅਤੇ ਕਮਿਸ਼ਨਰ ਨੇ ਕੀਤਾ ਰਵਾਨਾ
ਲੁਧਿਆਣਾ, 24 ਅਗਸਤ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਨਗਰ ਨਿਗਮ ਨੇ ਸ਼ਹਿਰ ਲੁਧਿਆਣਾ ਦਾ ਪੂਰੀ ਤਰ੍ਹਾਂ ਸੈਨੀਟਾਈਜੇਸ਼ਨ ਕਰਨਾ ਸ਼ੁਰੂ ਕੀਤਾ ਹੈ। ਇਸ ਲਈ ਵਿਸ਼ੇਸ਼ ਮੁਹਿੰਮ ਦਾ ਅੱਜ ਨਗਰ ਨਿਗਮ ਦੇ ਮੇਅਰ ਸ੍ਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਸ਼੍ਰੀ ਪ੍ਰਦੀਪ ਸਭਰਵਾਲ ਨੇ ਆਗਾਜ਼ ਕੀਤਾ।
ਸਥਾਨਕ ਸਰਕਟ ਹਾਊਸ ਵਿਖੇ ਰੱਖੇ ਸੰਖੇਪ ਸਮਾਗਮ ਦੌਰਾਨ ਜਾਣਕਾਰੀ ਦਿੰਦਿਆਂ ਸ੍ਰ ਸੰਧੂ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੀ ਅੱਜ ਸਭ ਤੋਂ ਵੱਡੀ ਮਾਰ ਸ਼ਹਿਰ ਲੁਧਿਆਣਾ ਵਾਸੀ ਖਾ ਰਹੇ ਹਨ। ਸ਼ਹਿਰ ਵਾਸੀਆਂ ਨੂੰ ਇਸ ਮਾਰ ਤੋਂ ਬਚਾਉਣ ਲਈ ਸਭ ਤੋਂ ਜਰੂਰੀ ਹੈ ਕਿ ਸ਼ਹਿਰ ਦੀ ਪੂਰੀ ਤਰ੍ਹਾਂ ਸੈਨੀਟਾਈਜੇਸ਼ਨ ਕਰਵਾਈ ਜਾਵੇ। ਇਸੇ ਲਈ ਹੀ ਇਹ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਅੱਜ 18 ਵਿਸ਼ੇਸ਼ ਵਾਹਨ ਸੈਨੀਟਾਈਜੇਸ਼ਨ ਲਈ ਰਵਾਨਾ ਕੀਤੇ ਗਏ ਹਨ, ਜੌ ਕਿ ਜੋਨ ਵਾਰ ਰੋਜ਼ਾਨਾ ਸੈਨੀਟਾਈਜੇਸ਼ਨ ਕਰਨਗੇ। ਉਹਨਾਂ ਕਿਹਾ ਕਿ ਜੋਨ ਬੀ ਅਤੇ ਡੀ ਵਿੱਚ 5-5 ਜਦਕਿ ਜੋਨ ਏ ਅਤੇ ਸੀ ਵਿੱਚ 4-4 ਵਾਹਨ ਲਗਾਏ ਗਏ ਹਨ। ਇਸ ਮੁਹਿੰਮ ਦਾ ਇੰਚਾਰਜ ਜ਼ੋਨਲ ਕਮਿਸ਼ਨਰ ਸ਼੍ਰੀਮਤੀ ਸਵਾਤੀ ਟਿਵਾਣਾ ਨੂੰ ਲਗਾਇਆ ਗਿਆ ਹੈ। ਇਹ ਮੁਹਿੰਮ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਚਲਾਈ ਜਾਵੇਗੀ। ਇਸ ਮੌਕੇ ਜ਼ੋਨਲ ਕਮਿਸ਼ਨਰ ਸ਼੍ਰੀਮਤੀ ਸਵਾਤੀ ਟਿਵਾਣਾ ਅਤੇ ਸ੍ਰ ਜਸਦੇਵ ਸਿੰਘ, ਡਿਪਟੀ ਮੇਅਰ ਸ਼੍ਰੀਮਤੀ ਸਰਬਜੀਤ ਕੌਰ ਅਤੇ ਹੋਰ ਹਾਜ਼ਰ ਸਨ।