ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਜਮ੍ਹਾਂਬੰਦੀਆਂ ਤੇ ਇੰਤਕਾਲ ਦੇ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੱੁਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਨਿਊਜ਼ ਪੰਜਾਬ
ਤਰਨਤਾਰਨ, 26 ਅਗਸਤ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਸਾਲ 2018-19 ਅਤੇ 2019-20 ਦੀਆਂ ਜਮ੍ਹਾਂਬੰਦੀਆਂ, ਇੰਤਕਾਲ ਆਦਿ ਦੇ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੱੁਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ।ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ 31 ਅਗਸਤ ਦਿਨ ਸੋਮਵਾਰ ਨੂੰ ਬਕਾਇਆ ਪਏ ਕੰਮਾਂ ਦਾ ਦੁਬਾਰਾ ਰੀਵਿਊ ਕੀਤਾ ਜਾਵੇਗਾ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਇਸ ਦਿਨ ਬਕਾਇਆ ਜਮ੍ਹਾਂਬੰਦੀਆਂ ਤੇ ਇੰਤਕਾਲਾਂ ਸਬੰਧੀ ਸ਼ਾਮ 4 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।