ਪੰਜਾਬ ਵਿੱਚ ਹੁਣ ਸਰਕਾਰੀ ਸਕੂਲਾਂ ਵਿੱਚ ਬਾਰ੍ਹਵੀਂ ਤੱਕ ਮੁਫ਼ਤ ਪੜ੍ਹਾਈ

ਚੰਡੀਗੜ੍ਹ, 28 ਫ਼ਰਵਰੀ: (ਨਿਊਜ਼ ਪੰਜਾਬ )
ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰ੍ਹਵੀਂ ਤੱਕ ਸਿੱਖਿਆ ਮੁਫ਼ਤ ਕਰਨ ਦਾ ਐਲਨ ਕੀਤਾ  ਹੈ,  ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ ਤੱਕ ਸਾਰੇ ਵਿਦਿਆਰਥੀਆਂ ਅਤੇ ਬਾਰ੍ਹਵੀਂ ਸ਼੍ਰੇਣੀ ਤੱਕ ਸਾਰੀਆਂ ਲੜਕੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਹੁਣ ਸਰਕਾਰ ਨੇ ਬਾਰ੍ਹਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮਿਲ ਸਕੇਗੀ I  ਸਾਲ 2020-21 ਦੌਰਾਨ ਸਰਕਾਰੀ ਸਕੂਲਾਂ ਵਿੱਚ 4150 ਵਾਧੂ ਕਲਾਸਰੂਮਾਂ ਦੇ ਨਿਰਮਾਣ ਲਈ ਬਜਟ ਵਿੱਚ 100 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਸਕੂਲੀ ਇਮਾਰਤਾਂ ਦੀ ਸਾਂਭ-ਸੰਭਾਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਸਾਲ 2020-21 ਦੇ ਬਜਟ ਵਿੱਚ 75 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਪ੍ਰਾਜੈਕਟਰ ਮੁਹੱਈਆ ਕਰਵਾ ਕੇ ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਾਰੇ ਕਮਰਿਆਂ ਨੂੰ ਸਮਾਰਟ ਕਮਰਿਆਂ ਵਿੱਚ ਤਬਦੀਲ ਕਰਨ ਦਾ ਯਤਨ ਕਰ ਰਹੀ ਹੈ। ਰਾਜ ਨੇ ਪਹਿਲਾਂ ਹੀ ਸਮਾਰਟ ਸਕੂਲ ਨੀਤੀ ਅਧਿਸੂਚਿਤ ਕਰ ਦਿੱਤੀ ਹੈ ਅਤੇ ਡਿਜੀਟਲ ਐਜੂਕੇਸ਼ਨ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।