ਸੁਪਰੀਮ ਕੋਰਟ ਨੇ ਅੱਜ ਜੇ ਈ ਈ ਅਤੇ ਨੀਟ ਦੀ ਪ੍ਰੀਖਿਆ ਦੇ ਖ਼ਿਲਾਫ਼ ਛੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ – ਹੋਣਗੀਆਂ ਪ੍ਰੀਖਿਆਵਾਂ
ਐਡਵੋਕੇਟ ਕਰਨਦੀਪ ਸਿੰਘ ਕੈਰੋਂ – ਨਿਊਜ਼ ਪੰਜਾਬ
ਨਵੀ ਦਿੱਲੀ , 4 ਸਤੰਬਰ – ਸੁਪਰੀਮ ਕੋਰਟ ਨੇ ਅੱਜ ਸ਼ੁਕਰਵਾਰ ਨੂੰ ਜੇ ਈ ਈ ਅਤੇ ਨੀਟ ਦੀ ਪ੍ਰੀਖਿਆ ਦੇ ਖ਼ਿਲਾਫ਼ ਛੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੰਤਰੀਆਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿੱਚ 17 ਅਗਸਤ ਦੇ ਅਦਾਲਤ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਗਈ ਸੀ । ਸਿਖਰਲੀ ਅਦਾਲਤ ਨੇ ਦਾਇਰ ਕੀਤੀ ਸਮੀਖਿਆ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ।
ਕੋਰੋਨਾ ਸੰਕਟ ਦੇ ਵਿਚਕਾਰ ਸੁਪਰੀਮ ਕੋਰਟ ਨੇ 17 ਅਗਸਤ ਨੂੰ ਜੇਈਈ ਅਤੇ ਨੀਟ ਦੀਆਂ ਮੁੱਖ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮਨਜ਼ੂਰੀ ਦੇ ਦਿੱਤੀ ਸੀ, ਜਿਸ ਦਾ ਗੈਰ-ਭਾਜਪਾ ਸ਼ਾਸਿਤ ਰਾਜ ਸਖ਼ਤ ਵਿਰੋਧ ਕਰ ਰਹੇ ਹਨ। ਇਹਨਾ ਰਾਜਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਵਿਚਕਾਰ ਦੇਸ਼ ਭਰ ਵਿੱਚ ਜੇਈਈ ਅਤੇ ਨੀਟ ਪ੍ਰੀਖਿਆਵਾਂ ਕਰਵਾ ਕੇ ਵਿਦਿਆਰਥੀਆਂ ਦੀ ਜਾਨ ਨੂੰ ਖਤਰਾ ਨਹੀਂ ਪਾਇਆ ਜਾ ਸਕਦਾ।ਰਾਜਾਂ ਦਾ ਦਾਅਵਾ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਨੇ ਵਿਦਿਆਰਥੀਆਂ ਦੇ ਜੀਵਨ ਦੇ ਅਧਿਕਾਰ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ। ਨੀਟ ਦੀਆਂ ਪ੍ਰੀਖਿਆਵਾਂ 13 ਸਤੰਬਰ ਨੂੰ ਹੋਣੀਆਂ ਹਨ, ਜਿਸ ਵਿੱਚ ਲੱਖਾਂ ਵਿਦਿਆਰਥੀ ਸ਼ਾਮਲ ਹੋਣਗੇ। ਮੁੱਖ ਜੇਈਈ ਇਮਤਿਹਾਨ 1 ਸਤੰਬਰ ਤੋਂ ਸ਼ੁਰੂ ਹੋ ਚੁੱਕੇ ਹਨ, ਜੋ 6 ਸਤੰਬਰ ਤੱਕ ਚੱਲਣਗੇ।