ਲੁਧਿਆਣਾ – ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ- ਪ੍ਰਦੂਸ਼ਣ ਵੱਧਣ ਕਰਕੇ, ਬਿਮਾਰੀ ਫੈਲਣ ਦਾ ਖਤਰਾ ਵਧੇਗਾ
ਨਿਊਜ਼ ਪੰਜਾਬ
ਲੁਧਿਆਣਾ, 15 ਸਤੰਬਰ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਵੀਡੀਓ ਕਾਨਫਰੰਸ ਵਿੱਚ ਪੁਲਿਸ ਵਿਭਾਗ, ਸਮੂਹ ਐਸ.ਡੀ.ਐਮ. ਜ਼ਿਲ੍ਹਾ ਲੁਧਿਆਣਾ, ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ, ਡਿਪਟੀ ਰਜਿਸਟਰਾਰ, ਕੋਆਪਰੇਟਿਵ ਸੁਸਾਇਟੀ, ਜ਼ਿਲ੍ਹਾ ਪੰਚਾਇਤ ਅਫ਼ਸਰ, ਸਮੂਚ ਬੀ.ਡੀ.ਪੀ.ਓ. ਜ਼ਿਲ੍ਹਾ ਲੁਧਿਆਣਾ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੀਟਿੰਗ ਦੌਰਾਨ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਵੇਂ ਪੂਰੇ ਭਾਰਤ ਵਿੱਚ ਕੋਰੋਨਾ ਦੀ ਮਹਾਂਮਾਰੀ ਫੈਲੀ ਹੋਈ ਹੈ, ਇਸਦੇ ਚਲਦੇ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਵੱਧਣ ਕਰਕੇ ਇਸ ਬਿਮਾਰੀ ਦੇ ਫੈਲਣ ਦਾ ਖਤਰਾ ਹੋਰ ਵਧ ਸਕਦਾ ਹੈ, ਜਿਸਦੇ ਭਿਅੰਕਰ ਨਤੀਜੇ ਸਾਮ੍ਹਣੇ ਆ ਸਕਦੇ ਹਨ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਕਸਟੈਸ਼ਨ ਕੈਂਪ ਲਗਾਉਣ। ਪਿੰਡਾਂ ਅਤੇ ਸ਼ਹਿਰਾਂ ਵਿੱਚ ਗੁਰਦੁਆਰੇ, ਮੰਦਿਰਾਂ ਵਿੱਚ ਅਨਾਊਂਸਮੈਂਟ ਕਰਵਾ ਕੇ ਅਤੇ ਇਸ਼ਤਿਹਾਰ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਲ ਨਜਿੱਠਣ ਲਈ ਸੁਪਰ ਐਸ.ਐਮ.ਐਸ. ਮਸ਼ੀਨਾਂ ਬਾਰੇ ਜਾਣਕਾਰੀ ਮੁਹੱਈਆਂ ਕਰਵਾਈ ਜਾਵੇ। ਉਨ੍ਹਾ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੋਇਆ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਮਾਮਲੇ ‘ਤੇ ਤੁਰੰਤ ਕਾਰਵਾਈ ਕਰਕੇ ਐਫ.ਆਈ.ਆਰ. ਦਰਜ਼ ਕੀਤੀ ਜਾਵੇ।
ਸ੍ਰੀ ਸ਼ਰਮਾ ਨੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਮੂਹ ਲੋਕਾਂ ਅਤੇ ਕਿਸਾਨਾਂ ਨੂੰ ਵੀ ਅਪੀਲੀ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਔਖੇ ਸਮੇਂ ਦੌਰਾਨ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਇਸ ਮਹਾਂਮਾਰੀ ਖਿਲਾਫ ਵੱਧ ਤੋਂ ਵੱਧ ਸਹਿਯੋਗ ਕਰਨ।