25 ਸਤੰਬਰ ਨੂੰ ਕਿਸਾਨਾਂ ਵਲੋਂ ਰੇਲ ਰੋਕੋ ,ਅਕਾਲੀਆਂ ਵਲੋਂ ਚੱਕਾ ਜਾਮ , ਕਾਂਗਰਸ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ – ਮੁੱਖ ਮੰਤਰੀ ਨੇ ਅਕਾਲੀਆਂ ਨੂੰ ਕਿਹਾ,‘‘ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ “
ਨਿਊਜ਼ ਪੰਜਾਬ
ਚੰਡੀਗੜ੍ਹ , 22 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਖੇਤੀ ਬਿੱਲ ਦੇ ਵਿਰੋਧ ਵਿੱਚ 25 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ I ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਉਕਤ ਐਲਾਨ ਕਰਦਿਆਂ ਇੱਕ ਹਫਤੇ ਦੇ ਅੰਦੋਲਨ ਦਾ ਐਲਾਨ ਕੀਤਾ ਹੈ I
ਕਿਸਾਨਾਂ ਵਲੋਂ 25 ਸਤਬੀਰ ਨੂੰ ਖੇਤੀ ਬਿੱਲਾਂਦੇ ਵਿਰੋਧ ਵਿੱਚ ਰੇਲ ਰੋਕੂ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕੀ ਉਹ ਕਿਸੇ ਸਿਆਸੀ ਪਾਰਟੀਆਂ ਨੂੰ ਨਾਲ ਨਹੀਂ ਲੈਣਗੀਆਂ I
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ ’ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ,‘‘ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।’’ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।