ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਜ਼ਿਲ੍ਹੇ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਖੇਤੀ ਮਸ਼ੀਨਾਂ : ਮੁੱਖ ਖੇਤੀਬਾੜੀ ਅਫ਼ਸਰ

-585 ਨਿੱਜੀ ਕਿਸਾਨਾਂ, 206 ਕਿਸਾਨ ਸਮੂਹਾਂ, 21 ਸਹਿਕਾਰੀ ਸਭਾਵਾਂ ਤੇ 4 ਪੰਚਾਇਤਾਂ ਨੂੰ ਮਿਲੇਗੀ ਮਸ਼ੀਨਰੀ
-ਕਿਸਾਨਾਂ ਦੇ ਸ਼ੰਕੇ-ਸਵਾਲਾਂ ਦੇ ਨਿਵਾਰਨ ਲਈ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ                                       ਮੁੱਖ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫ਼ੀਸਦੀ ਤੋਂ 80 ਫ਼ੀਸਦੀ ਸਬਸਿਡੀ ਉਤੇ ਦਿੱਤੀਆਂ ਜਾ ਰਹੀਆਂ ਹਨ।

ਨਿਊਜ਼ ਪੰਜਾਬ

ਪਟਿਆਲਾ, 27 ਸਤੰਬਰ: ਮੌਜੂਦਾ ਸਾਉਣੀ ਸੀਜ਼ਨ ਵਿਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਨੂੰ ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫ਼ੀਸਦੀ ਤੋਂ 80 ਫ਼ੀਸਦੀ ਸਬਸਿਡੀ ਉਤੇ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇੰਨ ਸੀਟੂ ਅਧੀਨ ਕਿਸਾਨਾਂ ਨੂੰ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਮਲਚਰ, ਪਲਾਓ ਤੇ ਸੁਪਰ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਤਹਿਤ ਨਿਜੀ ਕਿਸਾਨਾਂ ਨੂੰ 585 ਮਸ਼ੀਨਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੇ 206 ਕਿਸਾਨ ਸਮੂਹਾਂ, 21 ਸਹਿਕਾਰੀ ਸਭਾਵਾਂ ਤੇ 4 ਪੰਚਾਇਤਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਅਧੀਨ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ 15 ਬੈਲਰ ਤੇ 15 ਰੈਕਰ ਦਿੱਤੇ ਜਾਣੇ ਹਨ ਤਾਂ ਜੋ ਕਿਸਾਨ ਪਰਾਲੀ ਦੀ ਸਹੀ ਤਰ੍ਹਾਂ ਸੰਭਾਲ ਕਰ ਸਕਣ।
ਡਾ. ਸੰਧੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾਲ ਹੁੰਦੇ ਜ਼ਮੀਨ ਦੇ ਨੁਕਸਾਨ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ, ਜਿਥੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੇ ਵੀ ਤਜਰਬੇ ਕੈਂਪਾਂ ਦੌਰਾਨ ਸਾਂਝੇ ਕੀਤੇ ਜਾਂਦੇ ਹਨ, ਤਾਂ ਜੋ ਕਿਸਾਨਾਂ ਨੂੰ ਜ਼ਮੀਨ ਦੇ ਹੁੰਦੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਬਣਾਏ ਗਏ ਕਾਲ ਸੈਂਟਰ ਉਤੇ ਸਮਰਪਿਤ ਟੀਮ ਤਾਇਨਾਤ ਕੀਤੀ ਹੈ ਜੋ ਟੋਲ ਫ਼ਰੀ ਨੰਬਰ 1800-180-1551 ਰਾਹੀਂ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਦੇ ਸਵਾਲਾਂ ਤੇ ਸ਼ਕਿਆਂ ਦਾ ਫੌਰੀ ਨਿਵਾਰਨ ਕਰ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਖੇਤਾਂ ‘ਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ।