ਮੋਦੀ ਸਰਕਾਰ ਲੋਕਤੰਤਰ ਨੂੰ ਖ਼ਤਮ ਕਰਨ ਲਈ ਕਰ ਰਹੀ ਹੈ ਕਾਨੂੰਨਾਂ ‘ਚ ਸੋਧ- ਤਿਵਾੜੀ
ਗੜ੍ਹਸ਼ੰਕਰ, 8 ਅਕਤੂਬਰ (ਨਿਊਜ਼ ਪੰਜਾਬ)- ਮੈਂਬਰ ਪਾਰਲੀਮੈਂਟ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੂਜੀ ਵਾਰ ਸੱਤਾ ‘ਚ ਆਉਣ ਤੋਂ ਬਾਅਦ ਜਿਨ੍ਹਾਂ ਵੀ ਕਾਨੂੰਨਾਂ ‘ਚ ਸੋਧ ਕੀਤੀ ਹੈ, ਉਨ੍ਹਾਂ ਵਿਚ ਪਹਿਲਾ ਲੋਕਤੰਤਰ ਨੂੰ ਖ਼ਤਮ ਕਰਨ ਅਤੇ ਫਿਰ ਵੱਡੇ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਯਤਨ ਕੀਤਾ ਹੈ। ਮੰਡੀਆਂ ‘ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਪਹੁੰਚੇ ਮੈਂਬਰ ਪਾਰਲੀਮੈਂਟ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿਚ ਜਿਸ ਪੱਧਰ ‘ਤੇ ਵਿਰੋਧ ਹੋ ਰਿਹਾ ਹੈ, ਉਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦਾ ਮਾਮਲਾ ਕਿਸੇ ਇਕ ਪਾਰਟੀ ਦਾ ਨਹੀਂ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਜਾਵੇਗੀ ਕਿ ਇਸ ਮਾਮਲੇ ‘ਚ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ ਤਾਂ ਜੋ ਇਕ ਸਾਂਝਾ ਸੰਘਰਸ਼ ਛੇੜਿਆ ਜਾ ਸਕੇ।