ਗੱਲਬਾਤ ਦਾ ਸੱਦਾ ਠੁਕਰਾਉਣ ਤੋਂ ਬਾਅਦ ਕਿਸਾਨ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ‘ਚ
ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ‘ਚ ਸੁਨਾਮ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਦੇ ਨਾਲ-ਨਾਲ ਸ਼ਹਿਰ ‘ਚ ਦੋ ਪੈਟਰੋਲ ਪੰਪਾਂ ‘ਤੇ ਧਰਨੇ ਦੇ ਕੇ ਅੱਠਵੇਂ ਦਿਨ ਵੀ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਰਗੜੇ ਲਏ ਗਏ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਆਦਿ ਨੇ ਸਰਦਾਰਾ ਸਿੰਘ ਜੌਹਲ ਦੇ ਕਿਸਾਨ ਵਿਰੋਧੀ ਬਿਆਨ ਦੀ ਨਿੰਦਿਆ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵਲੋਂ ਭੇਜਿਆ ਗਿਆ ਸੱਦਾ ਪੱਤਰ ਅੰਗਰੇਜ਼ਾਂ ਦੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਨੁਸਾਰ ਆਪਸ ‘ਚ ਲੜਾਉਣ ਦੀ ਮਨਸ਼ਾ ਨਾਲ ਕੁਝ ਕਿਸਾਨ ਜਥੇਬੰਦੀਆਂ ਨੂੰ ਹੀ ਭੇਜਿਆ ਗਿਆ ਸੀ।ਉਨ੍ਹਾਂ ਕਿਹਾ ਕਿ ਸਕੱਤਰ ਵਲੋਂ ਭੇਜਿਆ ਗਿਆ ਸੱਦਾ ਖੇਤੀ ਕਾਨੂੰਨਾਂ ਦੇ ਮਸਲੇ ਦੇ ਹੱਲ ਲਈ ਨਹੀਂ, ਬਲਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫ਼ਾਇਦੇ ਸਮਝਾਉਣ ਲਈ ਹੀ ਸੀ। ਜਿਸ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਮੁੱਢ ਤੋਂ ਠੁਕਰਾ ਕੇ 15 ਅਕਤੂਬਰ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।ਖ਼ਾਸ ਗੱਲ ਜੋ ਵੇਖਣ ਨੂੰ ਮਿਲੀ ਕਿ ਕਿਸਾਨ ਸੰਘਰਸ਼ ਨੂੰ ਹਰ ਵਰਗ ਦਾ ਸਮਰਥਨ ਮਿਲਣ ਲੱਗਿਆ ਹੈ।ਹਰ ਵੱਡੇ ਅਤੇ ਛੋਟੇ ਦੀ ਜ਼ੁਬਾਨ ‘ਤੇ ਹੁਣ ਸਿਰਫ਼ ਕਿਸਾਨ ਸੰਘਰਸ਼ ਦੀ ਹੀ ਗੱਲ ਚੱਲ ਰਹੀ ਹੈ। ਇੱਥੋਂ ਤੱਕ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੀਆਂ ਤਿਆਰੀਆਂ ਵੀ ਕਿਸਾਨ ਸੰਘਰਸ਼ ਨੂੰ ਮੱਠਾ ਨਹੀ ਪਾ ਸਕੀਆਂ। ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲਾ ਸਿੰਘ ਵਾਲਾ, ਗੋਬਿੰਦ ਸਿੰਘ ਚੱਠਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਗੁਰਮੇਲ ਸਿੰਘ ਸ਼ਾਹਪੁਰ ਕਲ੍ਹਾਂ ਅਤੇ ਹੈਪੀ ਨਮੋਲ ਆਦਿ ਨੇ ਵੀ ਸੰਬੋਧਨ ਕੀਤਾ।