ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ‘ਆਪ’ ਖੜਕਾਏਗੀ ਹਾਈਕੋਰਟ ਦਾ ਦਰਵਾਜ਼ਾ- ਹਰਪਾਲ ਚੀਮਾ

ਚੰਡੀਗੜ੍ਹ, 8 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਸਮੋਤ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਸਨ ਕਿ ਅਕਾਲੀ ਸਰਕਾਰ ਵੇਲੇ 1200 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਪਰ ਜਦੋਂ ਵਿਧਾਨ ਸਭਾ ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮਾਮਲਾ ਚੁੱਕਿਆ ਗਿਆ ਤਾਂ ਸਰਕਾਰ ਨੇ ਕਿਹਾ ਕਿ ਆਡਿਟ ਚੱਲ ਰਿਹਾ ਹੈ ਅਤੇ ਜਿਹੜਾ ਦੋਸ਼ੀ ਹੋਵੇਗਾ, ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਸਰਕਾਰ ਨੇ ਕਿਹਾ ਸੀ ਕਿ ਪੈਸਾ ਰਿਕਵਰ ਕੀਤਾ ਜਾਵੇਗਾ ਪਰ ਅੱਜ ਤੱਕ ਨਾ ਤਾਂ ਕੋਈ ਆਡਿਟ ਸਾਹਮਣੇ ਆਇਆ ਅਤੇ ਨਾ ਹੀ ਪੈਸਾ ਵਾਪਸ ਲਿਆ ਗਿਆ, ਬਲਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਚੀਮਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਿੱਜੀ ਫਾਰਮ ਹਾਊਸ ‘ਤੇ ਰਹਿੰਦੇ ਹਨ ਹਨ ਅਤੇ ਉੱਥੇ ਲੁੱਟ ਦਾ ਪੈਸਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਵਲੋਂ 10 ਅਕਤੂਬਰ ਨੂੰ 11 ਤੋਂ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਇਸ ਦਾ ਸਮਰਥਨ ਕਰਦੀ ਹੈ ‘ਆਪ’ ਇਸ ‘ਚ ਸ਼ਾਮਲ ਵੀ ਹੋਵੇਗੀ। ਚੀਮਾ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਚ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ, ਜਿਸ ਨੂੰ ਲੈ ਕੇ ਪਟੀਸ਼ਨ ਤਿਆਰ ਕੀਤੀ ਜਾ ਰਹੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ‘ਚ ਕੋਈ ਰੁਕਾਵਟ ਪੈਦਾ ਨਾ ਹੋਵੇ।