ਧਰਨੇ ਦੌਰਾਨ ਔਰਤ ਦੀ ਮੌਤ ਦਾ ਮਾਮਲਾ : ਕਰਜ਼ਾ ਮੁਆਫ਼ੀ ਤੇ ਇਕ ਜੀਅ ਨੂੰ ਨੌਕਰੀ ਮਿਲਣ ਤੱਕ ਮ੍ਰਿਤਕਾ ਦਾ ਸਸਕਾਰ ਨਾ ਕਰਨ ਦਾ ਫ਼ੈਸਲਾ

ਬੁਢਲਾਡਾ, 9 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੁਢਲਾਡਾ ਦੇ ਰੇਲਵੇ ਸਟੇਸ਼ਨ ‘ਤੇ ਕੀਤੇ ਜਾ ਰਹੇ ਧਰਨੇ ਦੌਰਾਨ ਅੱਜ ਦੁਪਹਿਰ ਸਮੇਂ ਇਕ 85 ਸਾਲਾ ਬਜ਼ੁਰਗ ਔਰਤ ਦੀ ਹੋਈ ਮੌਤ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਬਲਾਕ ਆਗੂ ਜਗਸੀਰ ਸਿੰਘ ਦੋਦੜਾ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਕਿਸਾਨ ਔਰਤ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ ਹੈ ਅਤੇ ਇਸ ਦੇ ਲਈ ਪੀੜਤ ਪਰਿਵਾਰ ਨੂੰ ਬਣਦੀ 10 ਲੱਖ ਦੀ ਸਰਕਾਰੀ ਸਹਾਇਤਾ, ਸਮੁੱਚਾ ਕਰਜ਼ਾ ਮੁਆਫ਼ੀ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਾ ਐਲਾਨ ਹੋਣ ਤੱਕ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।