ਮਨੀਸ਼ ਤਿਵਾੜੀ ਨੇ ਨੂਰਪੁਰ ਬੇਦੀ ਇਲਾਕੇ ਦੀਆਂ ਮੰਡੀਆਂ ਦਾ ਕੀਤਾ ਦੌਰਾ
ਨੂਰਪੁਰ ਬੇਦੀ, 10 ਅਕਤੂਬਰ (ਨਿਊਜ਼ ਪੰਜਾਬ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਅੱਜ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਨਾਲ ਨੂਰਪੁਰ ਬੇਦੀ ਇਲਾਕੇ ਦੀਆਂ ਅਨਾਜ ਮੰਡੀਆਂ ਸਿੰਘਪੁਰ, ਤਖ਼ਤਗੜ੍ਹ ਅਤੇ ਅਬਿਆਣਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ‘ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਮੰਡੀਆਂ ਦੇ ਦੌਰੇ ਦੌਰਾਨ ਤਿਵਾੜੀ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ । ਇਸ ਮੌਕੇ ਸ੍ਰੀ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਨਾਲ ਵੀ ਟੈਲੀਫ਼ੋਨ ‘ਤੇ ਗੱਲਬਾਤ ਕੀਤੀ ।ਅਨਾਜ ਮੰਡੀ ਸਿੰਘਪੁਰ ਵਿਖੇ ਗ੍ਰਾਮ ਪੰਚਾਇਤ ਗੋਪਾਲਪੁਰ ਦੇ ਸਰਪੰਚ ਰੋਹਿਤ ਸ਼ਰਮਾ ਵਿੱਕੀ ਵਲੋਂ ਤਿਵਾੜੀ ਨੂੰ ਆਪਣੇ ਪਿੰਡ ਦੀ ਤਿੰਨ ਏਕੜ ਜ਼ਮੀਨ ਪੱਕੀ ਅਨਾਜ ਮੰਡੀ ਬਣਾਉਣ ਲਈ ਦੇਣ ਦੀ ਪੇਸ਼ਕਸ਼ ਕੀਤੀ ਗਈ, ਜਿਸ ‘ਤੇ ਤਿਵਾੜੀ ਨੇ ਉਨ੍ਹਾਂ ਨੂੰ ਗੋਪਾਲਪੁਰ ਵਿਖੇ ਪੱਕੀ ਅਨਾਜ ਮੰਡੀ ਬਣਾਉਣ ਦਾ ਭਰੋਸਾ ਦਿਵਾਇਆ।