ਸਿੱਖ ਅਫ਼ਸਰ ਨੂੰ ਤੁਰੰਤ ਰਿਹਾਅ ਕਰਕੇ ਉਨ੍ਹਾਂ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਹੋਵੇ- ਸਿਰਸਾ, ਕਾਲਕਾ

ਨਵੀਂ ਦਿੱਲੀ, 10 ਅਕਤੂਬਰ (ਨਿਊਜ਼ ਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਪੱਛਮੀ ਬੰਗਾਲ ‘ਚ ਕੋਲਕਾਤਾ ਪੁਲਿਸ ਵਲੋਂ ਸਿੱਖ ਅਫ਼ਸਰ ਬਲਵਿੰਦਰ ਸਿੰਘ ਨਾਲ ਮਾਰਕੁੱਟ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।ਇੱਥੇ ਇਕ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿਰਸਾ ਅਤੇ ਕਾਲਕਾ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਕੋਲਕਾਤਾ ਪੁਲਿਸ ਨੇ ਸਰਦਾਰ ਬਲਵਿੰਦਰ ਸਿੰਘ ‘ਤੇ ਬਹੁਤ ਹੀ ਅੱਤਿਆਚਾਰੀ ਰੂਪੀ, ਸ਼ਰਮਸਾਰ ਕਰਨ ਵਾਲਾ ਹਮਲਾ ਕੀਤਾ। ਉਨ੍ਹਾਂ ਦੀ ਦਸਤਾਰ ਉਤਾਰੀ ਗਈ, ਜਨਤਕ ਤੌਰ ‘ਤੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ ਅਤੇ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ।ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਪੈਰਾ ਮਿਲਟਰੀ ਫੋਰਸ ਦੇ ਜਾਂਬਾਂਜ਼ ਹਨ, ਜਿਨ੍ਹਾਂ ਨੇ ਜੰਮੂ-ਕਸ਼ਮੀਰ ‘ਚ ਅਤੇ ਐਨ. ਐਸ. ਜੀ. ‘ਚ ਸੇਵਾਵਾਂ ਦਿੱਤੀਆਂ ਹਨ। ਇਕ ਸੈਨਿਕ, ਜਿਸ ਨੇ ਦੇਸ਼ ਵਾਸਤੇ ਲੜਾਈ ਲੜੀ, ਕੋਲਕਾਤਾ ਪੁਲਿਸ ਨੇ ਉਨ੍ਹਾਂ ‘ਤੇ ਹੀ ਕੇਸ ਦਰਜ ਕਰ ਦਿੱਤਾ, ਉਨ੍ਹਾਂ ਨੂੰ ਹਵਾਲਾਤ ਵਿਚ ਰੱਖਿਆ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਹ ਮੰਗ ਕਰਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਅਪੀਲ ਕੀਤੀ ਕਿ ਬਲਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਜਨਤਕ ਤੌਰ ਤੇ ਅੱਤਿਆਚਾਰ ਢਾਹੁਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਮਤਾ ਬੈਨਰਜੀ ਨੇ ਸਾਡੀ ਗੱਲ ਨਹੀਂ ਮੰਨੀ ਤਾਂ ਅਸੀਂ ਸੜਕਾਂ ਤੇ ਉੱਤਰਨ ਲਈ ਮਜਬੂਰ ਹੋਵਾਂਗੇ।ਅਸੀਂ ਬੇਨਤੀ ਕਰਦੇ ਹਾਂ ਕਿ ਬਲਵਿੰਦਰ ਸਿੰਘ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਖ਼ਿਲਾਫ਼ ਕੇਸ ਖ਼ਾਰਜ ਕੀਤਾ ਜਾਵੇ ਤੇ ਉਨ੍ਹਾਂ ਤੇ ਅੱਤਿਆਚਾਰ ਢਾਹੁਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਲਈ ਲੜਾਈ ਲੜਾਂਗੇ, ਲੋੜ ਪੈਣ ਤੇ ਕੋਲਕਾਤਾ ਵੀ ਜਾਵਾਂਗੇ।