ਬੇਅਦਬੀ ਮਾਮਲੇ ‘ਚ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਗਤ ਨੇ ਨੈਸ਼ਨਲ ਹਾਈਵੇ ਕੀਤਾ ਜਾਮ
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਤਰਖਾਣ ਮਾਜਰਾ ‘ਚ ਅੱਜ ਸਵੇਰ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਤਰਖਾਣ ਮਾਜਰੇ ਦੀ ਸੰਗਤ ਵਲੋਂ ਨੈਸ਼ਨਲ ਹਾਈਵੇ ਦੇ ਦੋਹੀਂ ਪਾਸੀਂ ਜਾਮ ਲਗਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਥਾਣਾ ਸਰਹੰਦ ਦੇ ਸਾਹਮਣੇ ਲਗਾਏ ਜਾਮ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸ਼ਰੇਆਮ ਸੰਗਤ ਦੇ ‘ਚ ਸਜ਼ਾ ਦਿੱਤੀ ਜਾਵੇ। ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਮਗਰੋਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਆ ਕੇ ਲਗਾਤਾਰ ਜੁੜ ਰਹੇ ਹਨ। ਫਿਲਹਾਲ ਸਥਿਤੀ ਬਹੁਤ ਹੀ ਨਾਜ਼ੁਕ ਤੇ ਤਣਾਅਪੂਰਨ ਬਣੀ ਹੋਈ ਹੈ ਅਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ‘ਚ ਜੁਟੀ ਹੋਈ ਹੈ।