ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਰੇਲ ਰੋਕੋ ਸੰਘਰਸ਼ 12ਵੇਂ ਦਿਨ ‘ਚ ਦਾਖ਼ਲ

ਜੈਤੋ, 12 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫ਼ਰੀਦਕੋਟ ਵਲੋਂ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ‘ਤੇ ਅਣਮਿਥੇ ਸਮੇਂ ਲਈ ਦਿੱਤਾ ਗਿਆ ਧਰਨਾ ਅੱਜ 12ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਧਰਨੇ ‘ਚ ਬੀਕੇਯੂ ਡਕੌਂਦਾ ਫ਼ਿਰੋਜ਼ਪੁਰ ਦੇ ਆਗੂ ਹਰਨੇਕ ਸਿੰਘ ਮਹਿਮਾ, ਪਲਵਿੰਦਰ ਸਿੰਘ ਪੱਪੂ ਕੋਠੇ ਢਿੱਲਵਾਂ, ਰਵਿੰਦਰ ਸਿੰਘ ਢੈਪਈ ਅਤੇ ਪ੍ਰਗਟ ਸਿੰਘ ਰੋੜੀਕਪੂਰਾ ਅਤੇ ਜੋਰਾ ਸਿੰਘ ਭਾਣਾ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਰਪੋਰੇਟ ਘਰਾਣਿਆਂ ਦਾ ਇਸੇ ਤਰ੍ਹਾਂ ਘਿਰਾਓ ਕਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਕਿਹਾ ਸੀ ਕਿ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਮਤਾ ਪਾਸ ਕਰਨਗੇ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਪੰਜਾਬ ‘ਚ ਲਾਗੂ ਨਹੀਂ ਹੋਣ ਦੇਣਗੇ, ਜਦੋਂਕਿ ਮੁੱਖ ਮੰਤਰੀ ਵੀ ਆਪਣੇ ਵਾਅਦੇ ਤੋਂ ਭੱਜ ਰਹੇ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਪਰ ਕਿਸਾਨ ਜਥੇਬੰਦੀਆਂ ਸ਼ਾਹੂਕਾਰਾਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਾਬਜ਼ ਨਹੀਂ ਹੋਣ ਦੇਣਗੀਆਂ।