ਖੇਤੀ ਕਾਨੂੰਨਾਂ ’ਤੇ ਅਕਾਲੀ ਦਲ ‘ਤੇ ਨਿਸ਼ਾਨੇ, ਕਿਹਾ – ਸੌੜੀ ਸਿਆਸਤ ਸ਼ੋਭਾ ਨਹੀਂ ਦਿੰਦੀ : ਅਰੁਣਾ ਚੌਧਰੀ

ਹੁਸ਼ਿਆਰਪੁਰ, 12 ਅਕਤੂਬਰ (ਨਿਊਜ਼ ਪੰਜਾਬ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਸਬੰਧੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਉਹ ਕਿਸ ਮੂੰਹ ਨਾਲ ਕਿਸਾਨੀ ਦੀ ਗੱਲ ਕਰ ਰਹੇ ਹਨ ਜਦਕਿ ਇਹ ਸਾਰਾ ਕੁਝ ਉਨ੍ਹਾਂ ਦੇ ਹੱਥੀ ਹੋਇਆ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਖੁਦ ਹੀ ਖੇਤੀ ਆਰਡੀਨੈਂਸਾਂ ਦੀ ਵਕਾਲਤ ਕਰਨ ਅਤੇ ਬਿੱਲ ਪਾਸ ਕਰਵਾਉਣ ਉਪਰੰਤ ਅਕਾਲੀ ਦਲ ਨੂੰ ਹੁਣ ਸੌੜੀ ਸਿਆਸਤ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਕਾਨੂੰਨ ਬਣਨ ਤੱਕ ਸਾਬਕਾ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਕੇਂਦਰ ਦੇ ਇਨ੍ਹਾਂ ਕਾਲੇ ਬਿੱਲਾਂ ਦਾ ਪੱਖ ਪੂਰਦੀ ਰਹੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਇਨ੍ਹਾਂ ਕਿਸਾਨ ਮਾਰੂ ਕਾਨੂੰਨ ਬਣਾਉਣ ਵਿੱਚ ਬਰਾਬਰ ਦਾ ਭਾਈਵਾਲ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਅਰੁਣਾ ਚੌਧਰੀ ਨੇ ਕਿਹਾ ਕਿ ਅਕਾਲੀ ਦਲ ਉਸ ਵੇਲੇ ਕਿਥੇ ਸੀ ਜਦੋਂ ਇਨ੍ਹਾਂ ਆਰਡੀਨੈਸਾਂ ਅਤੇ ਬਿੱਲਾਂ ਨੂੰ ਕਾਨੂੰਨਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਿਸ ਵੇਲੇ ‘ਪੰਜਾਬ ਮਾਰੂ, ਕਿਸਾਨ ਮਾਰ’ੂ ਕਾਨੂੰਨ ਬਣਾਏ ਜਾ ਰਹੇ ਸਨ ਉਸ ਵੇਲੇ ਅਕਾਲੀ ਦਲ ਨੇ ਇਨ੍ਹਾਂ ਦਾ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਅਕਾਲੀ ਦਲ ਨੂੰ ਕਿਸਾਨੀ ਦਾ ਹੇਜ ਜਾਗਿਆ ਅਤੇ ਆਪਣੇ ਪਹਿਲਾਂ ਵਾਲੇ ਸਟੈਂਡ ਤੋਂ ਯੂ-ਟਰਨ ਲੈਂਦਿਆਂ ਅਕਾਲੀਆਂ ਨੇ ਆਪਣੀ ਸਿਆਸੀ ਭਾਈਵਾਲ ਭਾਰਤੀ ਜਨਤਾ ਪਾਰਟੀ ਨਾਲੋਂ ਤੋੜ ਵਿਛੋੜਾ ਕੀਤਾ ਜੋ ਕਿ ਅਕਾਲੀ ਦਲ ਦੀ ਡਾਢੀ ਮਜ਼ਬੂਰੀ ਬਣ ਚੁੱਕੀ ਸੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਆਪਣੀ ਖੁੱਸ ਚੁੱਕੀ ਸਿਆਸੀ ਸਾਖ ਲਈ ਅਕਾਲੀ ਦਲ ਤਰ੍ਹਾਂ-ਤਰ੍ਹਾਂ ਦੇ ਹੱਥਕੰਢੇ ਅਪਣਾ ਰਿਹਾ ਹੈ ਜਿਸ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਕੋਝੀਆਂ ਸਿਆਸੀ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਕਿਸਾਨੀ ਦੀ ਹਰ ਪੱਖੋਂ ਹਿਫਾਜ਼ਤ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ  ਪੰਜਾਬ ਸਰਕਾਰ ਕਿਸਾਨਾਂ ਲਈ ਹਰ ਪੱਧਰ ’ਤੇ ਬਣਦੀ ਲੜਾਈ ਲੜੇਗੀ ਤਾਂ ਜੋ ਕਿਸਾਨਾਂ ਦੇ ਹਿੱਤ ਸੁਰੱਖਿਆਤ ਰੱਖੇ ਜਾ ਸਕਣ।